View Details << Back

ਕੂੜੇ ਦੀ ਸੈਗਰੀਗੇਸ਼ਨ ਨੂੰ ਯਕੀਨੀ ਬਣਾਉਣ ਲਈ ਮੀਟਿੰਗ
ਨਿਰਧਾਰਤ ਕੀਤੀਆਂ ਥਾਵਾਂ ’ਤੇ ਹੀ ਸੁੱਟਿਆ ਜਾਵੇ ਨਿਰਮਾਣ ਸਮੱਗਰੀ ਦਾ ਮਲਬਾ

ਐਸ.ਏ.ਐਸ. ਨਗਰ, 2 ਜੁਲਾਈ {ਗੁਰਵਿੰਦਰ ਸਿੰਘ ਮੋਹਾਲੀ} ਵਾਤਾਵਰਣ ਦੀ ਸਵੱਛਤਾ ਅਤੇ ਪੂਰਨ ਸਾਫ-ਸਫ਼ਾਈ ਲਈ ਕੂੜੇ ਦੀ ਸੈਗਰੀਗੇਸ਼ਨ ਭਾਵ ਗਿੱਲੇ-ਸੁੱਕੇ ਕੂੜੇ ਦੀ ਵੰਡ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਕੂੜਾ ਦੋ ਵੱਖ-ਵੱਖ ਕੂੜੇਦਾਨਾਂ ਵਿੱਚ ਪਾਉਣ ਦੇ ਫਾਇਦਿਆਂ ਸਬੰਧੀ ਜਾਗਰੂਕ ਕੀਤਾ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਸੌਲਿਡ ਵੈਸਟ ਮੈਨੇਜਮੈਂਟ ਸਬੰਧੀ ਜਾਰੀ ਨਿਰਦੇਸ਼ਾਂ ਦੀ ਪਾਲਣਾ ਹਿੱਤ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੱਖੀ ਮੀਟਿੰਗ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਬੈਂਸ, ਕਮਿਸ਼ਨਰ ਨਗਰ ਨਿਗਮ ਸ੍ਰੀ ਭੁਪਿੰਦਰਪਾਲ ਸਿੰਘ,ਐਸ.ਪੀ. (ਹੈੱਡ ਕੁਆਰਟਰ) ਸ੍ਰੀ ਗੁਰਸੇਵਕ ਸਿੰਘ ਬਰਾੜ ਅਤੇ ਪ੍ਰਾਜੈਕਟ ਡਾਇਰੈਕਟਰ ਡਾ. ਪੂਰਨ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰ ਵਿੱਚ ਗਿੱਲੇ-ਸੁੱਕੇ ਕੂੜੇ ਦੀ ਵੰਡ ਅਤੇ ਇਸ ਦੀ ਡੋਰ-ਟੂਰ ਡੋਰ ਕੁਲੈਕਸ਼ਨ ਯਕੀਨੀ ਬਣਾਈ ਜਾਵੇ। ਨਾਲ ਹੀ ਇਸ ਕੰਮ ਨੂੰ ਸ਼ਹਿਰ ਵਿੱਚ ਇਕ ਮੁਹਿੰਮ ਦੀ ਤਰ੍ਹਾਂ ਚਲਾਇਆ ਜਾਵੇ, ਜਿਸ ਦੀ ਸ਼ੁਰੂਆਤ ਉਨ੍ਹਾਂ ਦੇ ਆਪਣੇ ਦਫਤਰ, ਜ਼ਿਲ੍ਹਾ ਪੁਲਿਸ ਮੁਖੀ ਦੇ ਦਫਤਰ, ਨਗਰ ਨਿਗਮ ਦੇ ਦਫਤਰ, ਐਸ.ਡੀ.ਐਮਜ਼ ਦੇ ਦਫ਼ਤਰਾਂ ਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵੱਡੀ ਮਾਤਰਾ ਵਿੱਚ ਕੂੜਾ ਪੈਦਾ ਕਰਨ ਵਾਲੇ ਹੋਟਲਾਂ, ਰੈਸਟੋਰੈਂਟਾਂ, ਸਕੂਲਾਂ, ਦਫਤਰਾਂ ਅਤੇ ਹੋਰ ਸੰਸਥਾਵਾਂ ਦੀ ਸ਼ਨਾਖਤ ਕੀਤੀ ਜਾਵੇ। ਉਨ੍ਹਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਕਾਰਜਕਾਰੀ ਅਫਸਰਾਂ ਨੂੰ ਹੁਕਮ ਦਿੱਤਾ ਕਿ ਨਿਰਮਾਣ ਸਮੱਗਰੀ ਦਾ ਮਲਬਾ ਸੁੱਟਣ ਲਈ ਥਾਵਾਂ ਨਿਰਧਾਰਤ ਕੀਤੀਆਂ ਜਾਣ ਅਤੇ ਇਨ੍ਹਾਂ ਥਾਵਾਂ ’ਤੇ ਹੀ ਮਲਬਾ ਸੁੱਟਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਨਿਰਧਾਰਤ ਥਾਵਾਂ ਤੋਂ ਬਿਨਾਂ ਕਿਸੇ ਹੋਰ ਥਾਂ ਮਲਬਾ ਸੁੱਟਣ ਵਾਲਿਆਂ ’ਤੇ ਕਾਰਵਾਈ ਕੀਤੀ ਜਾਵੇ। ਇਸ ਮਗਰੋਂ ਡਿਪਟੀ ਕਮਿਸ਼ਨਰ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਵਾਸਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਮਾਈਨਿੰਗ ਵਿਭਾਗ, ਜੰਗਲਾਤ ਵਿਭਾਗ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਦਾ ਗਠਨ ਕੀਤਾ ਜਾਵੇ, ਜਿਸ ਦੀ ਨਿਗਰਾਨੀ ਸਬੰਧਤ ਸਬ ਡਵੀਜ਼ਨ ਦੇ ਐਸ.ਡੀ.ਐਮਜ਼ ਵੱਲੋਂ ਕੀਤੀ ਜਾਵੇ। ਗੈਰ ਕਾਨੂੰਨੀ ਮਾਈਨਿੰਗ ਸਬੰਧੀ ਜਿਨ੍ਹਾਂ ਮਾਮਲਿਆਂ ਵਿੱਚ ਨੋਟਿਸ ਕੱਢੇ ਗਏ ਹਨ ਜਾਂ ਐਫ.ਆਈ.ਆਰ. ਦਰਜ ਹੋਈ ਹੈ, ਦੀ ਸਹੀ ਤਰੀਕੇ ਨਾਲ ਪੈਰਵੀ ਕੀਤੀ ਜਾਵੇ। ਇਸ ਟੀਮ ਵੱਲੋਂ ਸ਼ਿਕਾਇਤ ਮਿਲਣ ’ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਗੈਰ ਕਾਨੂੰਨੀ ਮਾਈਨਿੰਗ ਵਧੇਰੇ ਹੋਣ ਦੀ ਸ਼ਿਕਾਇਤ ਮਿਲੀ ਹੈ, ਉਨ੍ਹਾਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਵਲਨਰੇਬਲ ਪੁਆਇੰਟਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਾਏ ਜਾਣ। ਨਾਲ ਹੀ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਹੋਰ ਰਾਜਾਂ ਨਾਲ ਲੱਗਦੀਆਂ ਹੱਦਾਂ ’ਤੇ ਨਾਕੇ ਲਾਉਣ ਲਈ ਵੀ ਕਿਹਾ। ਸ੍ਰੀ ਦਿਆਲਨ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੈਰ ਕਾਨੂੰਨੀ ਮਾਈਨਿੰਗ ਕਾਰਨ ਪ੍ਭਾਵਿਤ ਖੇਤਰ ਵਿੱਚ ਬੂਟੇ ਲਾਉਣ ਦੀ ਮੁਹਿੰਮ ਚਲਾਈ ਜਾਵੇ ਅਤੇ ਇਸ ਸਬੰਧੀ ਹਰ ਮਹੀਨੇ ਰਿਪੋਰਟ ਦਿੱਤੀ ਜਾਵੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਏਅਰਪੋਰਟ ਦੇ 100 ਮੀਟਰ ਦੇ ਘੇਰੇ ਵਿੱਚ ਹੋਈਆਂ ਅਣ ਅਧਿਕਾਰਿਤ ਉਸਾਰੀਆਂ ਢਾਹੁਣ ਸਬੰਧੀ ਕੀਤੀ ਗਈ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਗੈਰ ਕਾਨੂੰਨੀ ਉਸਾਰੀਆਂ ਤੋੜੇ ਜਾਣ ਸਬੰਧੀ ਸਮੇਂ ਸਿਰ ਸਾਰੀ ਕਾਨੂੰਨੀ ਕਾਰਵਾਈ ਪੂਰੀ ਕਰ ਲੈਣ ਦੀਆਂ ਹਦਾਇਤਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਸਹਾਇਕ ਕਮਿਸ਼ਨਰ (ਜ) ਸ੍ਰੀ ਯਸ਼ਪਾਲ ਸ਼ਰਮਾ, ਐਸ.ਡੀ.ਐਮ. ਖਰੜ ਸ੍ਰੀ ਵਿਨੋਦ ਬਾਂਸਲ, ਐਸ.ਡੀ.ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ, ਵਣਮੰਡਲ ਅਫ਼ਸਰ ਸ੍ਰੀ ਗੁਰ ਅਮਨਪ੍ਰੀਤ ਸਿੰਘ ਅਤੇ ਨਗਰ ਕੌਂਸਲਾਂ ਦੇ ਕਾਰਜਕਾਰੀ ਅਫਸਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਮੀਟਿੰਗ ਦੀ ਪ੍ਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ


   
  
  ਮਨੋਰੰਜਨ


  LATEST UPDATES











  Advertisements