View Details << Back

ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਫਾਰਮੇਸੀ ਅਫਸਰਾਂ ਦਾ ਸਹਿਯੋਗ ਜ਼ਰੂਰੀ
ਆਪਣੀ ਡਿਊਟੀ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਅਹੁਦੇ ਨਾਲ ਇਨਸਾਫ ਕਰਨ ਫਾਰਮੇਸੀ ਅਫਸਰ : ਸਿੱਧੂ

ਐਸ. ਏ. ਐਸ. ਨਗਰ, 27 ਜੁਲਾਈ {ਗੁਰਵਿੰਦਰ ਸਿੰਘ ਮੋਹਾਲੀ} ਫਾਰਮੇਸੀ ਅਫਸਰ ਆਪਣੀ ਡਿਊਟੀ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਅਹੁਦੇ ਨਾਲ ਪੂਰਾ ਇਨਸਾਫ ਕਰਦੇ ਹੋਏ ਆਪਣਾ ਫਰਜ਼ ਤਨਦੇਹੀ ਨਾਲ ਅਦਾ ਕਰਨਗੇ ਇਹ ਵਿਚਾਰ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਥੇ ਗ੍ਰੈਂਡ ਬੈਂਕੁਅਟ ਹਾਲ ਐਸ. ਏ. ਐਸ. ਨਗਰ ਵਿਖੇ ਪੰਜਾਬ ਰਾਜ ਫਾਰਮੇਸੀ ਅਫਸਰਜ਼ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਰਾਜ ਪੱਧਰੀ ਕਨਵੈਨਸ਼ਨ ਵਿੱਚ ਸਮੁੱਚੇ ਪੰਜਾਬ ਤੋਂ ਆਏ ਫਾਰਮੇਸੀ ਅਫਸਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ. ਪਰਮਿੰਦਰ ਸਿੰਘ ਪਿੰਕੀ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ. ਜਸਪਾਲ ਕੌਰ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ ਅਤੇ ਸਿੱਖਿਆ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਸਿਹਤ ਸੇਵਾਵਾਂ ਨੂੰ ਹਰ ਵਰਗ ਦੇ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਦਾ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫਾਰਮੇਸੀ ਅਫਸਰਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਫਾਰਮੇਸੀ ਅਫਸਰ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਜਲਦੀ ਪੰਜਾਬ ਸਰਕਾਰ ਵੱਡਾ ਫੈਸਲਾ ਲੈਣ ਜਾ ਰਹੀ ਹੈ, ਜਿਸ ਤਹਿਤ ਰਾਜ ਦੇ ਹਰੇਕ ਵਿਅਕਤੀ ਦਾ ਪੂਰਾ ਇਲਾਜ ਮੁਫਤ ਹੋਵੇਗਾ ਅਤੇ ਇਹ ਕੰਮ ਕਰਨ ਵਾਲਾ ਪੰਜਾਬ ਭਾਰਤ ਦਾ ਪਹਿਲਾ ਰਾਜ ਬਣੇਗਾ। ਇਸ ਤੋਂ ਪਹਿਲਾਂ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਪਰਮਿੰਦਰ ਸਿੰਘ ਪਿੰਕੀ ਨੇ ਸੰਬੋਧਨ ਕਰਦਿਆਂ ਫਾਰਮਾਸਿਸਟਾਂ ਨੂੰ ਫਾਰਮੇਸੀ ਅਫਸਰ ਦੇ ਅਹੁਦੇ ਨਾਲ ਨਵਾਜ਼ਣ ‘ਤੇ ਸਿਹਤ ਮੰਤਰੀ ਸ. ਸਿੱਧੂ ਦਾ ਧੰਨਵਾਦ ਕੀਤਾ ਅਤੇ ਫਾਰਮਾਸਿਸਟਾਂ ਨੂੰ ਫਾਰਮੇਸੀ ਅਫਸਰ ਬਣਨ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਅਤ ਵੀ ਚੰਗੀ ਅਤੇ ਨੀਤੀ ਵੀ, ਜਿਸ ਕਰ ਕੇ ਇਸ ਸਰਕਾਰ ਵਿੱਚ ਹਰ ਵਰਗ ਦਾ ਖਿਆਲ ਰੱਖਿਆ ਜਾਂਦਾ ਹੈ। ਇਸ ਦੌਰਾਨ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ. ਜਸਪਾਲ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਮੋਹਨ ਸ਼ਰਮਾ ਅਤੇ ਜਨਰਲ ਸਕੱਤਰ ਰਵਿੰਦਰ ਲੂਥਰਾ ਨੇ ਫਾਰਮਾਸਿਸਟਾਂ ਨੂੰ ਫਾਰਮੇਸੀ ਅਫਸਰ ਦੇ ਅਹੁਦੇ ਨਾਲ ਨਵਾਜ਼ਣ ‘ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ. ਜਸਪਾਲ ਕੌਰ ਦਾ ਜਿਥੇ ਧੰਨਵਾਦ ਕੀਤਾ ਉਥੇ ਇਨ੍ਹਾਂ ਸ਼ਖਸੀਸਤਾਂ ਸਮੇਤ ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ ਸਮੇਤ ਹੋਰ ਮੋਹਤਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਐਸੋਸੀਏਸ਼ਨ ਵੱਲੋਂ ਇਸ ਮੌਕੇ ਆਪਣੀਆਂ ਰਹਿੰਦੀਆਂ ਮੰਗਾਂ ਵੀ ਸਿਹਤ ਮੰਤਰੀ ਸਾਹਮਣੇ ਰੱਖੀਆਂ ਗਈਆਂ, ਜਿਨ੍ਹਾਂ ਨੂੰ ਵੀ ਉਨ੍ਹਾਂ ਜਲਦ ਪੂਰਾ ਕਰਨ ਦਾ ਭਰੋਸਾ ਦਿਵਾਇਆ।ਇਸ ਮੌਕੇ ਸਟੇਟ ਕਮੇਟੀ ਮੈਂਬਰ ਸ੍ਰੀ ਰਾਜ ਕੁਮਾਰ ਅੰਮ੍ਰਿਤਸਰ, ਕੁਲਭੂਸ਼ਣ ਸਿੰਗਲਾ, ਮੇਜਰ ਸਿੰਘ, ਸੁਖਵਿੰਦਰ ਸਿੰਘ, ਸ਼ੀਸ਼ਨ ਕੁਮਾਰ, ਜਗਦੀਪ ਸਿੰਘ, ਰਾਜ ਕੁਮਾਰ ਲੁਧਿਆਣਾ, ਬਲਰਾਜ ਸਿੰਘ ਆਦਿ ਵੀ ਮੌਜੂਦ ਸਨ।


   
  
  ਮਨੋਰੰਜਨ


  LATEST UPDATES











  Advertisements