View Details << Back

ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਪੇ ਕਮਿਸ਼ਨ ਦੀ ਰਿਪੋਰਟ ਲਟਕਾਉਣ ਦੀ ਨਿਖੇਧੀ

ਸੰਗਰੂਰ, 3 ਅਪ੍ਰੈਲ (ਗੁਰਵਿੰਦਰ ਸਿੰਘ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ 1 ਜਨਵਰੀ 2016 ਤੋਂ ਲਾਗੂ ਕਰਨੇ ਬਣਦੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੀ ਮਿਆਦ ਇੱਕ ਵਾਰ ਫਿਰ ਤੋਂ 30 ਅਪ੍ਰੈਲ 2021 ਤੱਕ ਪਾਉਣ ਦਾ ਪੱਤਰ ਜਾਰੀ ਕਰਨ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸ ਨੂੰ ਸਰਕਾਰ ਦੀ ਵੱਡੀ ਵਾਅਦਾ ਖਿਲਾਫੀ ਕਰਾਰ ਦਿੱਤਾ ਹੈ। ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਮੁਲਾਜ਼ਮਾਂ ਨਾਲ ਚੋਣ-ਮਨੋਰਥ ਪੱਤਰ ਵਿੱਚ ਸਰਕਾਰ ਬਣਨ ਦੇ ਪਹਿਲੇ 100 ਦਿਨਾਂ ਵਿੱਚ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ, ਸਾਰੀਆਂ ਮੁਲਾਜ਼ਮ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕਰਕੇ ਸੱਤਾ 'ਚ ਆਈ ਪੰਜਾਬ ਸਰਕਾਰ ਆਪਣੇ ਵੱਲੋਂ ਹਰ ਵਰਗ ਨਾਲ ਕੀਤੇ ਗਏ ਵਾਅਦਿਆਂ ਨੂੰ ਭੁੱਲ ਗਈ ਹੈ। ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਨਾ ਕਰਕੇ ਅਤੇ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਵਾਰ-ਵਾਰ ਲਟਕਾ ਕੇ ਮੁਲਾਜ਼ਮਾਂ ਦੇ ਪੱਲੇ ਕੱਖ ਨਹੀਂ ਪਾਇਆ ਹੈ। ਉਨ੍ਹਾਂ ਕਿਹਾ ਕਿ ਸੱਤਾ ‘ਚ ਆਉਣ ਲਈ ਘਰ-ਘਰ ਰੁਜ਼ਗਾਰ ਦੇਣ, ਕੱਚੇ ਕਾਮੇ ਪੱਕੇ ਕਰਨ, ਲੋਕਾਂ ਲਈ ਮਿਆਰੀ ਸਿੱਖਿਆ ਦਾ ਪ੍ਰਬੰਧ, ਨਿੱਜੀ ਥਰਮਲ ਪਲਾਟਾਂ ਦੀ ਕਥਿਤ ਲੁੱਟ ਬੰਦ ਕਰਕੇ ਸਸਤੀ ਬਿਜਲੀ ਮੁਹੱਈਆ ਕਰਵਾਉਣ ਸਮੇਤ ਹੋਰ ਕੀਤੇ ਕਈ ਵਾਅਦੇ ਪੂਰੇ ਨਾ ਕਰ ਸਕਣ ਵਾਲੀ ਕਾਂਗਰਸ ਸਰਕਾਰ ਦੀ ਪਿਛਲੇ ਚਾਰ ਸਾਲਾਂ ਦੀ ਕਾਰਗੁਜਾਰੀ ਬੇਹੱਦ ਨਿਰਾਸ਼ਜਨਕ ਰਹੀ ਹੈ। ਉਹਨਾਂ ਆਖਿਆ ਕਿ ਆਪਣੇ ਵਾਅਦਿਆਂ ਦੇ ਉਲਟ ਸਰਕਾਰੀ ਵਿਭਾਗਾਂ ਦੀ ਅਕਾਰ ਘਟਾਈ ਨੂੰ ਤੇਜ਼ੀ ਨਾਲ ਲਾਗੂ ਕਰਕੇ ਜਨਤਕ ਅਦਾਰਿਆਂ ਦਾ ਭੋਗ ਪਾਇਆ ਜਾ ਰਿਹਾ ਹੈ ਅਤੇ ਲਗਾਤਾਰ ਖਾਲੀ ਹੋ ਰਹੀਆਂ ਹਜਾਰਾਂ ਅਸਾਮੀਆਂ ਨੂੰ ਨਿੱਜੀਕਰਨ ਦੀ ਨੀਤੀ ਤਹਿਤ ਪੁਨਰਗਠਨ ਤੇ ਰੈਸ਼ਨਲਾਈਜੇਸ਼ਨ ਰਾਹੀਂ ਖਤਮ ਕਰਕੇ ਬੇਰੁਜ਼ਗਾਰਾਂ ਦੀਆਂ ਆਸਾਂ ‘ਤੇ ਪਾਣੀ ਫੇਰ ਦਿੱਤਾ ਹੈ। ਉਹਨਾਂ ਆਖਿਆ ਕਿ ਨਵੀਂ ਭਰਤੀ ਲਈ ਪਹਿਲੇ ਤਿੰਨ ਸਾਲ ਕੇਵਲ ਮੁੱਢਲੀਆਂ ਤਨਖਾਹਾਂ ਦੇਣ ਦੇ ਮਾਰੂ ਫੈਸਲੇ ਤੋਂ ਵੀ ਅੱਗੇ ਵਧ ਕੇ ਹੁਣ ਗਲਤ ਢੰਗ ਨਾਲ ਤਨਖਾਹ ਗਰੇਡ ਘਟਾ ਕੇ ਪੰਜਾਬ ਦੀ ਥਾਂ ਕੇਂਦਰ ਦੇ ਤਨਖਾਹ ਸਕੇਲ ਲਾਗੂ ਕਰ ਦਿੱਤੇ ਗਏ ਹਨ। ਉਹਨਾਂ ਆਖਿਆ ਕਿ 1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਬਜਾਰੂ ਜੋਖਮਾਂ ਨਾਲ ਜੁੜੀ ਐਨ.ਪੀ.ਐਸ. ਦੀ ਥਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਨੂੰ ਪੂਰਾ ਕਰਨ ਤੋਂ ਕਿਨਾਰਾ ਕੀਤਾ ਹੋਇਆ ਹੈ। ਓੁਨ੍ਹਾਂ ਦੱਸਿਆ ਕਿ ਵਾਰ ਵਾਰ ਰੋਸ-ਪ੍ਰਦਰਸ਼ਨਾਂ ਜਰੀਏ ਮੀਟਿੰਗਾਂ ਅਤੇ ਮੰਗ ਪੱਤਰ ਦੇਣ ਦੇ ਬਾਵਜੂਦ ਸਰਕਾਰ ਨੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਕੋਈ ਧਿਆਨ ਤੱਕ ਨਹੀਂ ਦਿੱਤਾ ਅਤੇ ਹੁਣ ਰਾਜਨੀਤਕ ਲਾਹਾ ਲੈਣ ਲਈ ਮੁਲਾਜ਼ਮਾਂ ਸਾਹਮਣੇ ਤਨਖ਼ਾਹ ਕਮਿਸ਼ਨ ਦਾ ਕਲਪਨਾਮਈ ਮਹੱਲ ਖੜ੍ਹਾ ਕੀਤਾ ਜਾ ਰਿਹਾ ਹੈ, ਜਿਸ ਦੀ ਅਸਲੀਅਤ ਸਾਹਮਣੇ ਆਉਣ 'ਤੇ ਹੀ ਪਤਾ ਲੱਗੇਗੀ।ਸੁਬਾਈ ਆਗੂਆਂ ਅਸ਼ਵਨੀ ਅਵਸਥੀ, ਗੁਰਮੀਤ ਸੁਖਪੁਰ, ਓਮ ਪ੍ਰਕਾਸ਼ ਮਾਨਸਾ, ਰਾਜੀਵ ਕੁਮਾਰ, ਜਗਪਾਲ ਬੰਗੀ, ਜਸਵਿੰਦਰ ਔਜਲਾ, ਹਰਦੀਪ ਟੋਡਰਪੁਰ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਕੁਲਵਿੰਦਰ ਜੋਸਨ, ਦਲਜੀਤ ਸਫੀਪੁਰ,ਪਵਨ ਕੁਮਾਰ, ਨਛੱਤਰ ਸਿੰਘ ਤਰਨਤਾਰਨ, ਰੁਪਿੰਦਰ ਗਿੱਲ, ਤੇਜਿੰਦਰ ਕਪੂਰਥਲਾ, ਸੁਖਦੇਵ ਡਾਨਸੀਵਾਲ, ਮੁਕੇਸ ਗੁਜਰਾਤੀ ਅਤੇ ਡੈਮੋਕ੍ਰੇਟਿਕ ਮੁਲਾਜਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਜਰਮਨਜੀਤ ਸਿੰਘ ਨੇ ਚੇਤਾਵਨੀ ਦਿੱਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਫੌਰੀ ਲਾਗੂ ਕਰਨ ਦੇ ਨਾਲ ਹੀ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਤੁਰੰਤ ਪੂਰੇ ਕਰਨੇ ਚਾਹੀਂਦੇ ਹਨ। ਉਨ੍ਹਾਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਹੋਰ ਅੱਗੇ ਲਟਕਾਉਣ ਖਿਲਾਫ਼ ਕਿਸਾਨ ਜੱਥੇਬੰਦੀਆਂ ਦੇ ਘੋਲ ਦੀ ਤਰਜ਼ ‘ਤੇ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਵੀ ਕੀਤਾ।

   
  
  ਮਨੋਰੰਜਨ


  LATEST UPDATES











  Advertisements