ਨਦਾਮਪੁਰ ਵਿਖੇ ਜਾਗਰੂਕਤਾ ਕੈਂਪ ਦਾ 25 ਪਿੰਡਾਂ ਦੇ ਲੋਕਾਂ ਨੇ ਉਠਾਇਆ ਲਾਭ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬੰਦ ਪਏ ਨਹਿਰੀ ਖਾਲਿਆਂ ਨੂੰ ਬਹਾਲ ਕਰਨ ਲਈ ਕਿਸਾਨਾਂ ਤੋਂ ਸਹਿਯੋਗ ਮੰਗਿਆ
ਭਵਾਨੀਗੜ (ਰਸ਼ਪਿੰਦਰ ਸਿੰਘ) ਵਿਧਾਨ ਸਭਾ ਹਲਕਾ ਸੰਗਰੂਰ ਦੇ ਕਿਸਾਨਾਂ ਨੂੰ ਬੰਦ ਪਏ ਨਹਿਰੀ ਖਾਲਿਆਂ ਨੂੰ ਬਹਾਲ ਕਰਨ ਅਤੇ ਨਵੇਂ ਮੋਘਿਆਂ ਦੀ ਤਜ਼ਵੀਜ਼ ਦੇ ਨਾਲ ਨਾਲ ਖਾਲਾਂ ਨੂੰ ਅੰਡਰਗਰਾਊਂਡ ਪਾਈਪਾਂ ਰਾਹੀਂ ਕਵਰ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਅੱਜ ਪਿੰਡ ਨਦਾਮਪੁਰ ਵਿਖੇ ਕਲੱਸਟਰ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦਾ 25 ਪਿੰਡਾਂ ਦੇ ਲੋਕਾਂ ਨੇ ਲਾਭ ਲਿਆ। ਕੈਂਪ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲੋਕ ਲਹਿਰ ਚਲਾ ਰਹੀ ਹੈ ਅਤੇ ਇਹ ਕਲੱਸਟਰ ਪੱਧਰੀ ਕੈਂਪ ਵੀ ਲੋਕਾਂ ਦੀ ਸੁਵਿਧਾ ਹਿਤ ਲਗਾਏ ਜਾ ਰਹੇ ਹਨ ਤਾਂ ਜੋ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਲੈਣ ਲਈ ਕਿਸਾਨਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਜਾ ਕੇ ਹੀ ਦੱਸਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬੰਦ ਨਹਿਰੀ ਖਾਲ਼ਾਂ ਨੂੰ ਬਹਾਲ ਕੀਤੇ ਜਾਣ ਦੀ ਲੋੜ ਦੇ ਮੱਦੇਨਜ਼ਰ ਹੁਣ ਹਲਕੇ ਦੇ ਪਿੰਡਾਂ ਵਿੱਚ ਅਧਿਕਾਰੀ ਖੁਦ ਜਾ ਕੇ ਖਾਲਿਆਂ ਦਾ ਨਿਰੀਖਣ ਕਰ ਰਹੇ ਹਨ ਅਤੇ ਵਿਭਾਗੀ ਟੀਮਾਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਤੇ ਕਿਸਾਨਾਂ ਨਾਲ ਤਾਲਮੇਲ ਕਰਕੇ ਉਨਾਂ ਨੂੰ ਸਹਿਯੋਗ ਦੀ ਅਪੀਲ ਕਰ ਰਹੀਆਂ ਹਨ । ਉਹਨਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਨਹਿਰੀ ਮੋਘਿਆਂ ਦੇ ਕੱਚੇ ਖਾਲਾਂ ਦੀ ਜਗ੍ਹਾ ’ਤੇ ਅੰਡਰਗਰਾਊਂਡ ਪਾਈਪਲਾਈਨ ਪਾਉਣ ਜਾਂ ਪੱਕੇ ਖਾਲ ਬਣਾਉਣ ਲਈ ਪ੍ਰੋਜੈਕਟ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਵੱਲੋਂ ਚਲਾਇਆ ਜਾ ਰਿਹਾ ਹੈ ਜਿਸ ਨੂੰ ਪੜਾਅਵਾਰ ਤਰੀਕੇ ਨਾਲ ਹਰ ਪਿੰਡ ਦੇ ਲੋਕਾਂ ਤੱਕ ਪਹੁੰਚਾਉਣ ਲਈ ਇਹ ਕੈਂਪ ਲਾਹੇਵੰਦ ਸਾਬਤ ਹੋਣਗੇ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਹਲਕਾ ਸੰਗਰੂਰ ਦੇ ਪਿੰਡਾਂ ਵਿਚ ਲੱਗ ਰਹੇ ਇਹਨਾਂ ਕੈਂਪਾਂ ਦੌਰਾਨ ਭੂਮੀ ਰੱਖਿਆ ਵਿਭਾਗ, ਟਿਊਬਵੈੱਲ ਕਾਰਪੋਰੇਸ਼ਨ ਅਤੇ ਸਿੰਜਾਈ ਵਿਭਾਗ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਧੇਰੇ ਵਰਤੋਂ ਕਰਨ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੀ ਮੁਹਿੰਮ ਵਿੱਚ ਯੋਗਦਾਨ ਪਾਉਂਦੇ ਹੋਏ ਭਵਿੱਖ ਵਿੱਚ ਨਹਿਰੀ ਪਾਣੀ ਨਾਲ ਹੀ ਖੇਤੀ ਕਰਨ ਨੂੰ ਤਰਜੀਹ ਦੇ ਸਕਣ। ਇਸ ਮੌਕੇ ਭਵਾਨੀਗੜ੍ਹ ਦੇ ਐਸਡੀਐਮ ਵਿਨੀਤ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਇਨ੍ਹਾਂ ਕੈਂਪਾਂ ਦਾ ਪਿੰਡ ਵਾਸੀਆਂ ਨੂੰ ਵਧ ਚੜ੍ਹ ਕੇ ਲਾਭ ਲੈਣਾ ਚਾਹੀਦਾ ਹੈ ਕਿਉਂਕਿ ਪ੍ਰਸ਼ਾਸ਼ਨਿਕ ਅਧਿਕਾਰੀ ਖੁਦ ਲੋਕਾਂ ਕੋਲ ਆ ਕੇ ਸਮੱਸਿਆਵਾਂ ਦਾ ਉਚਿਤ ਹੱਲ ਕਰਦੇ ਹਨ। ਉਨ੍ਹਾਂ ਨੇ ਸਰਕਾਰ ਵੱਲੋਂ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਲਈ ਚੁੱਕੇ ਜਾ ਰਹੇ ਹੋਰ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਕੈਂਪ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਤੇ ਪਿੰਡ ਵਾਸੀ ਵੀ ਹਾਜ਼ਰ ਸਨ।