ਬਖੋਪੀਰ ਵਿੱਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਉਣ ਦੀ ਸ਼ੁਰੂਆਤ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮਹਿਜ਼ ਇੱਕ ਫੋਨ ਕਾਲ ਆਉਣ 'ਤੇ ਕਰਵਾਇਆ ਮਸਲੇ ਦਾ ਹੱਲ
ਭਵਾਨੀਗੜ (ਗੁਰਵਿੰਦਰ ਸਿੰਘ)ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਖੋਪੀਰ ਦੇ ਨਿਵਾਸੀਆਂ ਵੱਲੋਂ ਫੋਨ ਕਾਲ ਆਉਣ 'ਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਤੁਰੰਤ ਢੁਕਵੇਂ ਕਦਮ ਚੁੱਕਦਿਆਂ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾ ਦਿੱਤੀ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਧਿਕਾਰੀਆਂ ਸਮੇਤ ਖੁਦ ਪਿੰਡ ਬਖੋਪੀਰ ਪਹੁੰਚ ਕੇ ਕੰਮ ਆਰੰਭ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸੰਗਰੂਰ ਦੇ ਪਿੰਡਾਂ ਦੇ ਬਹੁ ਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨੂੰ ਦਰਪੇਸ਼ ਮਸਲਿਆਂ ਦੇ ਨਿਪਟਾਰੇ ਲਈ ਉਹ ਖੁਦ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਪਿੰਡ ਵਾਸੀਆਂ ਦੀ ਹਰੇਕ ਲੋੜ ਨੂੰ ਤਰਜੀਹ ਦੇ ਆਧਾਰ ਉੱਤੇ ਮੁਕੰਮਲ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸਮੱਸਿਆ ਭਾਵੇਂ ਛੋਟੀ ਹੋਵੇ ਜਾਂ ਵੱਡੀ, ਜਿਸ ਨਾਲ ਸਾਡੇ ਨਾਗਰਿਕਾਂ ਨੂੰ ਔਖਿਆਈਆਂ ਦਾ ਸਾਹਮਣਾ ਕਰਨਾ ਪਵੇਗਾ, ਉਥੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਰ ਪੱਧਰ ਉੱਤੇ ਸਹਾਇਤਾ ਪ੍ਰਦਾਨ ਕਰਨੀ ਯਕੀਨੀ ਬਣਾਈ ਜਾਵੇਗੀ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਉਦੇਸ਼ ਦੀ ਪੂਰਤੀ ਲਈ ਹੀ ਪਿੰਡਾਂ ਵਿੱਚ ਨਿਯਮਿਤ ਤੌਰ 'ਤੇ 'ਪੰਜਾਬ ਸਰਕਾਰ ਤੁਹਾਡੇ ਦੁਆਰ'ਨਾਂ ਹੇਠ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਅਤੇ ਪ੍ਰਸ਼ਾਸਨ ਵਿਚਾਲੇ ਤਾਲਮੇਲ ਰੱਖਦੇ ਹੋਏ ਸਰਕਾਰੀ ਵਿਭਾਗਾਂ ਨਾਲ ਸਬੰਧਤ ਹਰ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਵਾਇਆ ਜਾ ਸਕੇ।
ਇਸ ਦੌਰਾਨ ਪਿੰਡ ਬਖੋਪੀਰ ਦੇ ਨਿਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਰਿਹਾਇਸ਼ੀ ਇਲਾਕੇ ਵਿੱਚ ਸੀਵਰੇਜ ਦੇ ਪਾਣੀ ਦਾ ਨਿਕਾਸ ਰੁਕਿਆ ਪਿਆ ਸੀ ਅਤੇ ਉਨ੍ਹਾਂ ਨੇ ਜਿਵੇਂ ਹੀ ਆਪਣੀ ਸਮੱਸਿਆ ਬਾਰੇ ਵਿਧਾਇਕ ਸੰਗਰੂਰ ਨੂੰ ਫੋਨ ਉਤੇ ਜਾਣੂ ਕਰਵਾਇਆ ਤਾਂ ਨਾ ਸਿਰਫ਼ ਹਾਂ ਪੱਖੀ ਹੁੰਗਾਰਾ ਮਿਲਿਆ ਬਲਕਿ ਤੁਰੰਤ ਪ੍ਰਭਾਵ ਨਾਲ ਕੰਮ ਦੇ ਖਰਚੇ ਦਾ ਵਿਭਾਗੀ ਅਨੁਮਾਨ ਲਗਵਾ ਕੇ ਕੰਮ ਵੀ ਆਰੰਭ ਕਰਵਾ ਦਿੱਤਾ ਗਿਆ ਹੈ ਜਿਸ ਲਈ ਉਹ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਧੰਨਵਾਦੀ ਹਨ।