'ਜੈ ਜਵਾਨ ਜੈ ਕਿਸਾਨ ਯੋਜਨਾ' ਸ਼ਹੀਦ ਪਰਿਵਾਰਾਂ ਦੇ ਬੱਚਿਆਂ ਲਈ 'ਵਜ਼ੀਫ਼ਾ ਸਕੀਮ'
ਐੱਸ ਏ ਐੱਸ ਨਗਰ (ਗੁਰਵਿੰਦਰ ਸਿੰਘ ਮੋਹਾਲੀ) : ਸਾਬਕਾ ਲੋਕ ਸਭਾ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ 'ਚ ਕੀਤੇ ਵਾਅਦੇ ਅਨੁਸਾਰ ਪਹਿਲ ਦੇ ਆਧਾਰ 'ਤੇ 'ਜੈ ਜਵਾਨ ਜੈ ਕਿਸਾਨ ਯੋਜਨਾ' ਅਤੇ ਦੇਸ਼ ਦੀ ਸੁਰੱਖਿਆ ਲਈ ਡਟੇ ਜਵਾਨਾਂ 'ਚੋਂ ਸ਼ਹੀਦ ਪਰਿਵਾਰਾਂ ਦੇ ਬੱਚਿਆਂ ਲਈ 'ਵਜ਼ੀਫ਼ਾ ਸਕੀਮ' ਲਈ ਵਾਧਾ ਕਰ ਕੇ ਪਹਿਲਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ 'ਜੈ ਜਵਾਨ ਜੈ ਕਿਸਾਨ ਸਕੀਮ' ਤਹਿਤ ਕਿਸਾਨਾਂ ਨੂੰ ਸਾਲ ਦੇ 6 ਹਜ਼ਾਰ ਰੁਪਏ ਦੇਣ ਦਾ ਵਾਅਦਾ ਲਾਗੂ ਕਰਕੇ ਖੇਤੀਬਾੜੀ ਕਰ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਪਹਿਰਾ ਦੇ ਰਹੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਬੱਚਿਆਂ ਦੇ ਵਜ਼ੀਫੇ 'ਚ ਵੀ ਵਾਧਾ ਕਰ ਦਿੱਤਾ ਹੈ, ਜਿਸ ਨਾਲ ਫ਼ੌਜੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਹੌਸਲਾ ਵਧਿਆ ਹੈ ਅਤੇ ਦੇਸ਼ ਦੀ ਸੇਵਾ ਲਈ ਹੋਰ ਡਟ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਪਿਛਲੇ ਪੰਜ ਸਾਲ ਦੀ ਕਾਰਗੁਜ਼ਾਰੀ ਬਹੁਤ ਚੰਗੀ ਰਹੀ ਹੈ ਅਤੇ ਲੋਕਾਂ ਨੇ ਦੁਬਾਰਾ ਤੋਂ ਮੋਦੀ ਸਰਕਾਰ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਚੰਦੂਮਾਜਰਾ ਨੇ ਕਿਹਾ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਾਰੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਵਲੋਂ ਬਰਗਾੜੀ ਕਾਂਡ ਦੀ ਜਾਂਚ ਲਈ ਬਣਾਈ ਐੱਸਆਈਟੀ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ ਅਤੇ ਐੱਸਆਈਟੀ ਰਾਹੀਂ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਸਆਈਟੀ ਦਾ ਗਠਨ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਲਈ ਚਾਲਾਂ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਿੱਖਾਂ ਦੀ ਦੁਸ਼ਮਣ ਰਹੀ ਹੈ ਅਤੇ 1984 ਦੇ ਸਿੱਖ ਦੰਗਿਆਂ ਨੂੰ ਭੁਲਾਇਆ ਨਹੀਂ ਜਾ ਸਕਦਾ। ਸ੍ਰੀ ਅਨੰਦਪੁਰ ਸਾਹਿਬ ਹਲਕੇ 'ਚ ਲੀਡ ਲਈ ਭਾਜਪਾ ਆਗੂਆਂ ਨੇ ਵੱਡੀ ਭੂਮਿਕਾ ਨਿਭਾਈ:- ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ 10 ਹਜ਼ਾਰ ਤੋਂ ਵੱਧ ਵੋਟਾਂ ਨਾਲ ਮਿਲੀ ਲੀਡ ਬਾਰੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਆਪਣੇ ਹਲਕੇ ਦੇ ਸਰਪੰਚਾਂ, ਪੰਚਾਂ ਨੂੰ ਕਾਂਗਰਸ ਦੇ ਹੱਕ ਵਿਚ ਭੁਗਤਣ ਲਈ ਪੂਰਾ ਜ਼ੋਰ ਲਗਾਇਆ ਗਿਆ ਸੀ। ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵੋਟਰਾਂ ਨੇ ਫਿਰ ਵੀ ਅਕਾਲੀ ਦਲ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ ਅਤੇ ਇਸ ਲਈ ਭਾਜਪਾ ਆਗੂਆਂ ਵਲੋਂ ਮੋਦੀ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਪਿੰਡਾਂ 'ਚ ਜਾ ਕੇ ਵੋਟਰਾਂ ਨੂੰ ਵਿਸਤਾਰ ਨਾਲ ਦੱਸਿਆ ਗਿਆ ਸੀ, ਜਿਸ ਨਾਲ ਵੀ ਅਕਾਲੀ ਦਲ ਨੂੰ ਇੱਥੋਂ ਲੀਡ ਮਿਲੀ ਸੀ।