ਲੋਕ ਇੰਨਸਾਫ ਪਾਰਟੀ ਨੇ ਫੂਕਿਆ ਸਾਧੂ ਸਿੰਘ ਧਰਮਸੋਤ ਦਾ ਪੁਤਲਾ
ਮਾਨ ਦੀ ਅਗਵਾਈ ਚ ਡੀਸੀ ਨੂੰ ਸੋਪਿਆ ਮੰਗ ਪੱਤਰ
ਸੰਗਰੂਰ 1 ਸਤੰਬਰ (ਗੁਰਵਿੰਦਰ ਸਿੰਘ)ਅੱਜ ਸੰਗਰੂਰ ਵਿਖੇ ਡੀਸੀ ਦਫ਼ਤਰ ਦੇ ਸਾਹਮਣੇ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਾਲੀ ਲੋਕ ਇਨਸਾਫ ਪਾਰਟੀ ਵੱਲੋਂ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ ਗਿਆ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਲੋਕ ਇਨਸਾਫ਼ ਪਾਰਟੀ (ਯੂਥ ਵਿੰਗ) ਦੇ ਕੌਮੀ ਪ੍ਰਧਾਨ ਸ.ਤਲਵਿੰਦਰ ਸਿੰਘ ਮਾਨ ਵੱਲੋਂ ਕੀਤੀ ਗਈ। ਇਸ ਦੌਰਾਨ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇੱਕ ਐਡੀਸ਼ਨਲ ਚੀਫ਼ ਸੈਕਟਰੀ ਲੈਵਲ ਦੇ ਅਫਸਰ ਨੇ ਆਪਣੇ ਹੀ ਮੰਤਰੀ ਸਾਧੂ ਸਿੰਘ ਧਰਮਸੋਤ ਉੱਪਰ 64 ਕਰੋੜ ਰੁਪਏ ਦੇ ਸਕਾਲਰਸ਼ਿਪ ਘੁਟਾਲੇ ਦੇ ਇਲਜ਼ਾਮ ਲਗਾਏ ਹਨ। ਪ੍ਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਭ੍ਰਿਸ਼ਟ ਮੰਤਰੀ ਨੂੰ ਹਟਾਉਣ ਦੀ ਬਜਾਏ ਚੀਫ਼ ਸੈਕਟਰੀ ਕੋਲੋਂ ਬੋਗਸ ਜਾਂਚ ਕਰਵਾਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਆਪਣੇ ਆਪ ਨੂੰ ਦਲਿਤ ਕਹਾਉਣ ਵਾਲਾ ਇਹ ਮੰਤਰੀ ਦਲਿਤਾਂ ਦੇ ਹੀ ਗਰੀਬ ਬੱਚਿਆਂ ਦੀ ਸਕਾਲਰਸ਼ਿਪ ਦੇ ਪੈਸੇ ਖਾ ਗਿਆ ਜਿਸ ਦਾ ਕਿ ਸਿੱਧਾ ਅਸਰ ਉਨ੍ਹਾਂ ਗ਼ਰੀਬ ਬੱਚਿਆਂ ਦੀ ਪੜ੍ਹਾਈ ਉਪਰ ਪੈਂਦਾ ਹੈ ਅਤੇ ਉਨ੍ਹਾਂ ਨੂੰ ਵਾਰ-ਵਾਰ ਸਕੂਲਾਂ-ਕਾਲਜਾਂ ਦੇ ਪ੍ਰਬੰਧਕਾਂ ਵੱਲੋਂ ਬੇਇੱਜ਼ਤ ਕੀਤਾ ਜਾਂਦਾ ਹੈ ਅਤੇ ਕਈ ਵਾਰ ਫੀਸ ਨਾ ਜਮ੍ਹਾ ਹੋਣ ਕਰਕੇ ਉਨ੍ਹਾਂ ਗ਼ਰੀਬ ਬੱਚਿਆਂ ਨੂੰ ਪੇਪਰਾਂ ਵਿੱਚ ਵੀ ਨਹੀਂ ਬੈਠਣ ਦਿੱਤਾ ਜਾਂਦਾ। ਜਿਸ ਕਰਕੇ ਕਈ ਬੱਚਿਆਂ ਦੀ ਆਉਣ ਵਾਲੀ ਜਿੰਦਗੀ ਖਰਾਬ ਹੋ ਜਾਂਦੀ ਹੈ ਅਤੇ ਉਨ੍ਹਾਂ ਦੀ ਕੀਤੀ ਪਹਿਲਾਂ ਦੀ ਮਿਹਨਤ ਵੀ ਬੇਕਾਰ ਹੋ ਜਾਂਦੀ ਹੈ। ਮਾਨ ਨੇ ਅੱਗੇ ਕਿਹਾ ਕਿ ਅਨੇਕਾਂ ਵਾਰ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸ.ਸਿਮਰਜੀਤ ਸਿੰਘ ਬੈਂਸ ਅਤੇ ਪਾਰਟੀ ਦੇ ਵੱਖ-ਵੱਖ ਆਗੂਆਂ ਵੱਲੋਂ ਮੌਕੇ ਤੇ ਪਹੁੰਚ ਕੇ ਅਜਿਹੇ ਵਿਦਿਆਰਥੀਆਂ ਦਾ ਸਾਥ ਦਿੱਤਾ ਜਾਂਦਾ ਹੈ ਅਤੇ ਕਾਲਜਾਂ ਕਾਲਜਾਂ ਦੀ ਮੈਨੇਜਮੈਂਟ ਨਾਲ ਲੜ ਕੇ ਉਨ੍ਹਾਂ ਬੱਚਿਆਂ ਨੂੰ ਪੇਪਰਾਂ ਵਿੱਚ ਬਿਠਾਇਆ ਜਾਂਦਾ ਹੈ।