ਲੋਕ ਇਨਸਾਫ਼ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਬੇਦਾਗ਼, ਵਿਰੋਧੀਆਂ ਦੀਆਂ ਚਾਲਾਂ ਨੂੰ ਕਰਾਂਗੇ ਬੇਨਕਾਬ -ਤਲਵਿੰਦਰ ਮਾਨ
ਭਵਾਨੀਗੜ੍ਹ 21 ਨਵੰਬਰ (ਗੁਰਵਿੰਦਰ ਸਿੰਘ) ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਬੇਦਾਗ ਅਤੇ ਲੋਕਾਂ ਨਾਲ ਖੜ੍ਹਨ ਵਾਲੇ ਇਨਸਾਨ ਹਨ। ਜਿਨ੍ਹਾਂ ਜਿਨ੍ਹਾਂ ਨੂੰ ਵਿਰੋਧੀ ਪਾਰਟੀਆਂ ਬਦਨਾਮ ਕਰਨ ਲਈ ਕੋਝੀਆਂ ਹਰਕਤਾਂ ਕਰਦੀਆਂ ਰਹਿੰਦੀਆਂ ਹਨ ਪਰ ਵਿਰੋਧੀਆਂ ਨੂੰ ਅਜਿਹੀਆਂ ਚਾਲਾਂ ਵਿਚ ਸਫ਼ਲ ਨਹੀਂ ਹੋਣ ਦੇਵਾਂਗੇ ਅਤੇ ਵਿਰੋਧੀਆਂ ਦੀਆਂ ਚਾਲਾਂ ਨੂੰ ਬੇਨਕਾਬ ਕਰਕੇ ਰਹਾਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਕੌਮੀ ਪ੍ਰਧਾਨ ਤਲਵਿੰਦਰ ਸਿੰਘ ਮਾਨ ਨੇ ਭਵਾਨੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਵੱਲੋਂ ਪੰਜਾਬ ਅਧਿਕਾਰ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਅਤੇ ਉਸ ਦਿਨ ਹੀ ਸਿਮਰਜੀਤ ਸਿੰਘ ਬੈਂਸ ਤੇ ਲੁਧਿਆਣੇ ਦੀ ਅੌਰਤ ਨੇ ਅਜਿਹੇ ਬੇਬੁਨਿਆਦ ਇਲਜ਼ਾਮ ਲਾਏ ਜਿਸ ਤੋਂ ਪੂਰੀ ਤਰ੍ਹਾਂ ਸਿੱਧ ਹੁੰਦਾ ਹੈ ਕਿ ਇਹ ਪੰਜਾਬ ਅਧਿਕਾਰ ਯਾਤਰਾ ਨੂੰ ਰੋਕਣ ਦੀ ਕੋਸ਼ਿਸ਼ ਸੀ। ਪਰ ਪੂਰਾ ਪੰਜਾਬ ਅਤੇ ਦੁਨੀਆਂ ਜਾਣਦੀ ਹੈ ਕਿ ਸਿਮਰਜੀਤ ਸਿੰਘ ਬੈਂਸ ਬੇਦਾਗ ਅਤੇ ਹੱਕ ਸੱਚ ਦੀ ਲੜਾਈ ਲੜਨ ਵਾਲੇ ਇਨਸਾਨ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸੂਬੇ ਦੇ ਲੋਕ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ ਅਤੇ ਹੁਣ ਅਕਾਲੀ ਦਲ ਆਗੂ ਸਿਮਰਜੀਤ ਸਿੰਘ ਬੈਂਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸੂਬੇ ਦੇ ਲੋਕ ਪੂਰੀ ਤਰ੍ਹਾਂ ਜਾਣਦੇ ਹਨ ਕਿ ਕੌਣ ਸੱਚਾ ਹੈ ਅਤੇ ਕੌਣ ਝੂਠਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਪੂਰੀ ਦੁਨੀਆਂ ਸਾਹਮਣੇ ਕਰ ਦਿੱਤਾ ਜਾਵੇਗਾ।