ਅੰਦੋਲਨ ’ਚ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ 5 ਲੱਖ ਦਾ ਚੈੱਕ ਭੇਂਟ
ਸਰਕਾਰ ਵੱਲੋਂ ਫੌਤ ਹੋਏ ਕਿਸਾਨ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ: ਸਿੰਗਲਾ
ਭਵਾਨੀਗੜ 27 ਜਨਵਰੀ (ਗੁਰਵਿੰਦਰ ਸਿੰਘ ਰੋਮੀ) ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਸਾਨੀ ਅੰਦੋਲਨ ’ਚ ਸ਼ਹੀਦ ਹੋਏ ਬਖੋਪੀਰ ਪਿੰਡ ਦੇ ਕਿਸਾਨ ਗੁਰਚਰਨ ਸਿੰਘ ਦੇ ਪਰਿਵਾਰ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਭੇਂਟ ਕੀਤਾ। ਜ਼ਿਕਰਯੋਗ ਹੈ ਕਿ ਗੁਰਚਰਨ ਸਿੰਘ 25 ਦਸੰਬਰ ਤੋਂ ਸਿੰਘੂ ਬਾਰਡਰ ’ਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਅੰਦੋਲਨ ’ਚ ਸ਼ਾਮਲ ਸੀ। ਅੰਦੋਲਨ ’ਚ ਗੁਰਬਚਨ ਸਿੰਘ ਦੀ ਸਿਹਤ ਖ਼ਰਾਬ ਹੋ ਗਈ ਅਤੇ 3 ਜਨਵਰੀ 2021 ਨੂੰ ਉਹ ਸ਼ਹੀਦੀ ਪ੍ਰਾਪਤ ਕਰ ਗਿਆ।ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਡੱਟ ਕੇ ਖੜੀ ਹੈ ਅਤੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿੰਨਾ ਸਮਾਂ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਹੈ, ਉਨਾਂ ਸਮਾਂ ਇਨਾਂ ਕਾਲੇ ਕਾਨੂੰਨਾਂ ਨੂੰ ਸੂਬੇ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਇਸ ਲਈ ਕਾਂਗਰਸ ਸਰਕਾਰ ਪੂਰੀ ਤਰਾਂ ਦਿ੍ਰੜ ਹੈ ਅਤੇ ਇਨਾਂ ਨੂੰ ਲਾਗੂ ਹੋਣ ਤੋਂ ਰੋਕਣ ਲਈ ਕਿਸੇ ਤਰਾਂ ਦੀ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਸਿੰਗਲਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸੰਵਿਧਾਨ ਦਾ ਘਾਣ ਕਰਕੇ ਇਨਾਂ ਕਾਲੇ ਕਾਨੂੰਨਾਂ ਨੂੰ ਪਾਸ ਕਰਵਾਇਆ ਗਿਆ ਹੈ ਅਤੇ ਹੁਣ ਵਿਰੋਧ ਕਰ ਰਹੇ ਲੱਖਾਂ ਕਿਸਾਨਾਂ ਦੀ ਗੱਲ ਸੁਣਨ ਤੋਂ ਵੀ ਇਨਕਾਰ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਨਾਂ ਕਾਲੇ ਕਾਨੂੰਨਾਂ ਨਾਲ ਕਿਸਾਨ, ਮਜ਼ਦੂਰ ਅਤੇ ਆੜਤੀਆਂ ਦੇ ਪਵਿੱਤਰ ਰਿਸ਼ਤੇ ਨੂੰ ਖ਼ਤਮ ਕਰਨ ਦੀ ਸਾਜ਼ਸ਼ ਰਚੀ ਗਈ ਹੈ। ਉਨਾਂ ਕਿਹਾ ਕਿ ਪੂਰੇ ਦੇਸ਼ ਦੇ ਲੋਕ ਇਨਾਂ ਕਾਨੂੰਨਾਂ ਵਿਰੁੱਧ ਆਪੋ-ਆਪਣੇ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਏਕਤਾ ਤੋੜਨ ਲਈ ਪਾਸ ਕੀਤੇ ਇਨਾਂ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਭਵਾਨੀਗੜ ਡਾ. ਕਰਮਜੀਤ ਸਿੰਘ, ਕਿਸਾਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।