ਲਾਕਡਾਊਨ ਲਾਉਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨਹੀਂ ਲੈ ਰਹੀ ਮੱਧ ਵਰਗੀ ਅਤੇ ਗ਼ਰੀਬ ਲੋਕਾਂ ਦੀ ਸਾਰ - ਤਲਵਿੰਦਰ ਮਾਨ
ਭਵਾਨੀਗੜ (ਗੁਰਵਿੰਦਰ ਸਿੰਘ) ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕੋਵਿਡ-19 ਦੀ ਆੜ ਹੇਠ ਲਗਾਏ ਜਾ ਰਹੇ ਲਾਕਡਾਊਨ ਕਾਰਨ ਜਿਥੇ ਛੋਟੇ ਦੁਕਾਨਦਾਰ, ਰੇਹੜੀ ਫੜ੍ਹੀ ਵਾਲੇ ਅਤੇ ਮਜ਼ਦੂਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਉੱਥੇ ਹੀ ਕਾਰੋਬਾਰ ਬੰਦ ਹੋਣ ਨਾਲ ਗ਼ਰੀਬ ਆਦਮੀ ਲਈ ਦੋ ਵਕਤ ਦੀ ਰੋਟੀ ਖਾਣੀ ਵੀ ਮੁਸ਼ਕਲ ਹੋ ਗਈ ਹੈ। ਪਰ ਪੰਜਾਬ ਸਰਕਾਰ ਵੱਲੋਂ ਗ਼ਰੀਬਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ ਸਗੋਂ ਲੌਕਡਾਊਨ ਤੇ ਚਲਦਿਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਅਤੇ ਜ਼ਰੂਰੀ ਵਸਤਾਂ ਦੀ ਕਾਲਾ ਬਾਜ਼ਾਰੀ ਵੀ ਸਿਖਰਾਂ ਤੇ ਪੁੱਜ ਚੁੱਕੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ।
ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਦੇਸ਼ ਭਰ ਵਿੱਚ ਪਹਿਲਾਂ ਹੀ ਮਹਿੰਗਾਈ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ ਅਤੇ ਹੁਣ ਲਾਕਡਾਊਨ ਕਾਰਨ ਸਾਰੇ ਕਾਰੋਬਾਰ ਬੰਦ ਹੋਣ ਕਰਕੇ ਲੋਕ ਹੋਰ ਸਮੱਸਿਆਵਾਂ ਵਿੱਚ ਵੀ ਘਿਰ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਕਡਾਊਨ ਤਾਂ ਲਗਾ ਦਿੱਤਾ ਗਿਆ ਹੈ ਪਰ ਉਨ੍ਹਾਂ ਗ਼ਰੀਬ ਲੋਕਾਂ ਦਾ ਕੁਝ ਨਹੀਂ ਸੋਚਿਆ ਜੋ ਹਰ ਰੋਜ਼ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ। ਉਨ੍ਹਾਂ ਕਿਹਾ ਕਿ ਹੁਣ ਲਾਕਡਾਊਨ ਕਰ ਕੇ ਸਾਰੇ ਕਾਰੋਬਾਰ ਬੰਦ ਪਏ ਹਨ ਅਤੇ ਮਜ਼ਦੂਰ ਤੇ ਦਿਹਾੜੀਦਾਰ ਭੁੱਖਮਰੀ ਦਾ ਸ਼ਿਕਾਰ ਹੋ ਰਿਹਾ ਹੈ। ਇਸ ਮੌਕੇ ਤਲਵਿੰਦਰ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਗ਼ਰੀਬਾਂ ਅਤੇ ਮੱਧ ਵਰਗੀ ਲੋਕਾਂ ਲਈ ਵਿਸ਼ੇਸ਼ ਆਰਥਿਕ ਸਹਾਇਤਾ ਮੁਹੱਈਆ ਕਰਾਵੇ ਅਤੇ ਨਾਲ ਹੀ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਦੇਣਾ ਯਕੀਨੀ ਬਣਾਵੇ ਅਤੇ ਜਦੋਂ ਤੱਕ ਪੂਰਨ ਤੌਰ ਤੇ ਲਾਕਡਾਊਨ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਪੰਜਾਬ ਦੇ ਲੋਕਾਂ ਨੂੰ ਕੇਰਲਾ ਵਾਂਗੂ ਮੁਫ਼ਤ ਬਿਜਲੀ ਤੇ ਮੁਫ਼ਤ ਪਾਣੀ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇ।