ਲੋਕ ਇਨਸਾਫ਼ ਪਾਰਟੀ ਵੱਲੋਂ ਜ਼ਿਲ੍ਹਾ ਸੰਗਰੂਰ ਦਾ ਜਥੇਬੰਦਕ ਢਾਂਚਾ ਭੰਗ
ਜਲਦ ਹੋਵੇਗਾ ਨਵੇਂ ਢਾਂਚੇ ਦਾ ਐਲਾਨ - ਮੰਗਲ ਸ਼ਰਮਾ
ਭਵਾਨੀਗੜ (ਗੁਰਵਿੰਦਰ ਸਿੰਘ) ਦਿਨੀਂ ਲੋਕ ਇਨਸਾਫ਼ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੰਗਰੂਰ ਮੰਗਲ ਸ਼ਰਮਾ ਵੱਲੋਂ ਜਾਰੀ ਇੱਕ ਪ੍ਰੈੱਸ ਨੋਟ ਵਿੱਚ ਜ਼ਿਲ੍ਹਾ ਸੰਗਰੂਰ ਦਾ ਜਥੇਬੰਦਕ ਢਾਂਚਾ ਭੰਗ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਲਦ ਹੀ ਜ਼ਿਲ੍ਹਾ ਸੰਗਰੂਰ ਵਿਚ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਜਾਵੇਗਾ ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ, ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚੋਂ ਜੋ ਵੀ ਨੌਜਵਾਨ ਅਤੇ ਸਮਾਜ ਸੇਵੀ ਲੋਕ ਜੋ ਕਿ ਸਮਾਜ ਨੂੰ ਚੰਗੀ ਸੇਧ ਦੇਣ ਦਾ ਜਜ਼ਬਾ ਰੱਖਦੇ ਹਨ ਅਤੇ ਇਮਾਨਦਾਰੀ ਨਾਲ ਲੋਕ ਸੇਵਾ ਕਰਨੀ ਚਾਹੁੰਦੇ ਹਨ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਰਵਾਇਤੀ ਪਾਰਟੀਆਂ ਵਿੱਚ ਜਿੱਥੇ ਸਿਰਫ਼ ਅਮੀਰ ਅਤੇ ਸਿਆਸੀ ਪਿਛੋਕੜ ਵਾਲੇ ਲੋਕਾਂ ਦਾ ਹੀ ਬੋਲਬਾਲਾ ਹੁੰਦਾ ਹੈ ਪਰ ਲੋਕ ਇਨਸਾਫ ਪਾਰਟੀ ਇੱਕ ਅਜਿਹੀ ਪਾਰਟੀ ਹੈ ਜੋ ਕਿ ਪਾਰਟੀ ਦੀ ਮਿਹਨਤ ਕਰਨ ਵਾਲੇ ਲੋਕਾਂ ਨੂੰ ਹੀ ਬਣਦਾ ਮਾਣ-ਸਨਮਾਨ ਦਿੰਦੀ ਹੈ ਨਾ ਕਿ ਕਿਸੇ ਸਿਫ਼ਾਰਸ਼ੀ ਜਾਂ ਧਨਾਢ ਵਿਅਕਤੀ ਨੂੰ। ਇੱਥੇ ਉਨ੍ਹਾਂ ਜਲਦ ਹੀ ਜ਼ਿਲ੍ਹਾ ਸੰਗਰੂਰ ਦਾ ਪਾਰਟੀ ਦਫਤਰ ਖੋਲ੍ਹਣ ਦਾ ਐਲਾਨ ਵੀ ਕੀਤਾ।ਓੁਨ੍ਹਾਂ ਅਖੀਰ ਵਿੱਚ ਕਿਹਾ ਕਿ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਪਾਰਟੀ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਲੋਕ ਇਨਸਾਫ ਪਾਰਟੀ ਇਕੱਲੀ 117 ਹਲਕਿਆਂ ਵਿੱਚ ਚੋਣਾਂ ਲੜਨ ਦਾ ਦਮ ਰੱਖਦੀ ਹੈ। ਪਰ ਉਨ੍ਹਾਂ ਨਾਲ ਇਹ ਵੀ ਕਿਹਾ ਕਿ ਹਮਖ਼ਿਆਲੀ ਧਿਰਾਂ ਨੂੰ ਨਾਲ ਲੈ ਕੇ ਇਕ ਸਾਂਝਾ ਫਰੰਟ ਤਿਆਰ ਕਰਨ ਬਾਰੇ ਵੀ ਮੀਟਿੰਗਾਂ ਦਾ ਦੌਰ ਜਾਰੀ ਹੈ ਤੇ ਜਿਸ ਦੇ ਨਤੀਜੇ ਵੀ ਜਲਦੀ ਲੋਕਾਂ ਸਾਹਮਣੇ ਹੋਣਗੇ।