ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਦਸਹਿਰੇ ਮੌਕੇ ਮੋਦੀ ਤੇ ਖੇਤੀ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ
ਭਵਾਨੀਗੜ੍ਹ, 13 ਅਕਤੂਬਰ (ਗੁਰਵਿੰਦਰ ਸਿੰਘ) : ਅੱਜ ਟੌਲ ਪਲਾਜ਼ਾ ਕਾਲਾਝਾੜ ਵਿਖੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਜਿੰਦਰ ਸਿੰਘ ਘਰਾਚੋਂ ਗੁਰਚੇਤ ਸਿੰਘ ਭੱਟੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਇਸ ਵਾਰ ਵੀ ਦਸਹਿਰੇ ਮੌਕੇ ਕੇਂਦਰ ਸਰਕਾਰ ਅਤੇ ਅੰਬਾਨੀਆਂ ਅਡਾਨੀਆਂ ਦੇ ਪੁਤਲੇ ਫੂਕੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਦੇਸ਼ ਦਾ ਨੌਜਵਾਨ ਬਾਰਡਰਾ ਤੇ ਸ਼ਹੀਦ ਹੋ ਰਿਹਾ ਹੈ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ। ਜੰਮੂ ਕਸ਼ਮੀਰ ਵਿੱਚ ਭਾਜਪਾ ਆਗੂ ਦੇ ਬੇਟੇ ਵਲੋਂ ਸ਼ਰੇਆਮ ਕਿਸਾਨਾਂ ਉੱਤੇ ਗੱਡੀ ਚਾੜ੍ਹ ਕੇ ਕਿਸਾਨਾਂ ਨੂੰ ਸ਼ਹੀਦ ਕੀਤਾ ਗਿਆ ਜਿਸਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਅਤੇ ਪਰਚਾ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੇ ਬੇਟੇ ਤੇ ਪਰਚਾ ਦਰਜ ਕਰਵਾਉਣ ਲਈ ਕਿਸਾਨਾਂ ਦਾ ਸੰਘਰਸ਼ ਹੀ ਕੰਮ ਆਇਆ। ਉਨ੍ਹਾਂ ਕਿਹਾ ਕਿ ਸਰਕਾਰ ਭਾਜਪਾ ਆਗੂ ਦੇ ਬੇਟੇ ਨੂੰ ਗ੍ਰਿਫਤਾਰ ਨਹੀਂ ਸੀ ਕਰ ਰਹੀ ਜਿਸ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਅਤੇ ਕਾਤਲ ਨੂੰ ਗ੍ਰਿਫਤਾਰ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਖੇਤੀ ਮੰਤਰੀ,ਅੰਬਾਨੀਆਂ, ਅਡਾਨੀਆਂ ਸਮੇਤ ਅਜੇ ਮਿਸ਼ਰਾ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਸਤਵਿੰਦਰ ਸਿੰਘ ਘਰਾਚੋਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਕਿਸਾਨ ਬੀਬੀਆਂ ਹਾਜ਼ਰ ਸਨ।