ਚੋਣਾਂ ਤੋਂ ਪਹਿਲਾਂ AAP ਉਮੀਦਵਾਰਾਂ ਲਈ ਨਵੀਂ ਮੁਸੀਬਤ; ਸਿੱਖ ਜਥੇਬੰਦੀਆਂ ਵਲੋਂ ਵੱਡੇ ਐਕਸ਼ਨ ਦਾ ਐਲਾਨ

ਅੰਮ੍ਰਿਤਸਰ :

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸ ਮੁੱਦੇ ਨੂੰ ਲੈ ਕੇ ਕੇਜਰੀਵਾਲ ਨੂੰ ਸਿੱਖ ਕੌਮ ਦੇ ਵਿਆਪਕ ਰੋਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਿੱਖ ਪੰਥ ਦੀਆਂ ਸੰਘਰਸ਼ਸ਼ੀਲ ਧਿਰਾਂ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਇਹ ਚਿਤਾਵਨੀ ਵੀ ਦਿੱਤੀ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਜੇਲ੍ਹ ਵਿਭਾਗ ਪੰਜਾਬ ਵੱਲੋਂ ਭੇਜੀ ਪ੍ਰੋ. ਭੁੱਲਰ ਦੀ ਪੱਕੀ ਰਿਹਾਈ ਦੀ ਫਾਈਲ ਕਲੀਅਰ ਨਾ ਕਰਦਿਆਂ ਪ੍ਰੋ. ਭੁੱਲਰ ਦੀ ਰਿਹਾਈ ਤੋਂ ਇਨਕਾਰ ਕਰਨ ਦੀ ਸੂਰਤ ’ਚ ਸਿੱਖ ਪੰਥ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਨਾਲ ਲੈ ਕੇ 26 ਜਨਵਰੀ ਤੋਂ ਬਾਅਦ ਕੇਜਰੀਵਾਲ ਦੇ ਉਮੀਦਵਾਰਾਂ ਨੂੰ ਥਾਂ-ਥਾਂ ਘੇਰਿਆ ਜਾਵੇਗਾ। ਭੁੱਲਰ ਦੀ ਪਤਨੀ ਬੀਬੀ ਨਵਨੀਤ ਕੌਰ ਨੇ ਸਰਕਾਰ ਨੂੰ ਅਪੀਲ ਕਿ ਸ਼ਾਂਤੀ ਨਾਲ ਇਨਸਾਫ ਦਿਓ, ਕੋਈ ਵਿਰੋਧ ਦੇ ਕਦਮ ਨਾ ਚੁੱਕਣੇ ਪੈਣ। ਇਸ ਨਾਲ ਆਮ ਲੋਕਾਂ ਦੇ ਜਨਜੀਵਨ ਵਿਚ ਅੜਚਨ ਪੈਦਾ ਹੁੰਦੀ ਹੈ।

ਪ੍ਰੋ. ਭੁੱਲਰ ਦੀ ਰਿਹਾਈ ਸਬੰਧੀ ਐੱਨਆਰਆਈ ਭਾਈ ਰਣਜੀਤ ਸਿੰਘ ਬੱਗਾ ਕੈਨੇਡਾ ਨੇ ਕਿਹਾ ਕਿ ਦੁਨੀਆ ਭਰ ਵਿਚ ਸਿੱਖ ਭਰਾਵਾਂ ਨੂੰ ਅਪੀਲ ਕਰਾਂਗੇ ਕਿ ਕੇਜਰੀਵਾਲ ਨੂੰ ਪ੍ਰੋ. ਭੁੱਲਰ ਦੀ ਰਿਹਾਈ ਲਈ ਕਹਿਣ, ਨਹੀਂ ਤਾਂ ‘ਆਪ’ ਦੇ ਉਮੀਦਵਾਰਾਂ ਦਾ ਸਹਿਯੋਗ ਕਰਨਾ ਬੰਦ ਕਰੋ। ਪੰਥਕ ਆਗੂਆਂ ਭਾਈ ਸਰਵਣ ਸਿੰਘ ਅਗਵਾਨ, ਭਾਈ ਨਰਾਇਣ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਖੁਸ਼ਵੰਤ ਸਿੰਘ ਬਾਘਾ, ਬਾਬਾ ਰਾਜੂ ਸਿੰਘ, ਭਾਈ ਵਰਿਆਮ ਸਿੰਘ, ਜਥੇ. ਪੰਜਾਬ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਪ੍ਰੋ. ਭੁੱਲਰ ਦੀ ਰਿਹਾਈ ’ਚ ਇਸ ਸਮੇਂ ਕੋਈ ਵੀ ਕਾਨੂੰਨੀ ਅੜਿੱਕਾ ਬਾਕੀ ਨਹੀਂ ਰਿਹਾ, ਇਸ ਦੇ ਬਾਵਜੂਦ ਪ੍ਰੋ. ਭੁੱਲਰ ਦੀ ਰਿਹਾਈ ਪ੍ਰਤੀ ਕੇਜਰੀਵਾਲ ਦੀ ਸਿੱਖ ਪੰਥ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਦੇ ਉਲਟ ਜਾ ਕੇ ਨਕਾਰਾਤਮਕ ਰਵੱਈਆ ਅਪਣਾਇਆ ਜਾ ਰਿਹਾ ਹੈ।

ਪੰਥਕ ਆਗੂਆਂ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਸਿੱਖ ਪੰਥ ਲਈ ਭਾਵਨਾਤਮਕ ਤੇ ਸੰਵੇਦਨਸ਼ੀਲ ਮੁੱਦਾ ਬਣ ਚੁੱਕਿਆ ਹੈ। ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਮੌਕੇ ਜਾਰੀ ਕੀਤੀ ਗਏ ਨੋਟੀਫਿਕੇਸ਼ਨ ਮੁਤਾਬਕ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ, ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਤੇ ਭਾਈ ਗੁਰਦੀਪ ਸਿੰਘ ਖੈੜਾ ਦੀ ਰਿਹਾਈ ਹਾਲੇ ਵੀ ਬਾਕੀ ਹੈ। ਮੌਜੂਦਾ ਸਮੇਂ ਕਰੀਬ 9 ਬੰਦੀ ਸਿੱਖ 25-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ।

ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੋ. ਭੁੱਲਰ ਸਮੇਤ ਬਾਕੀ ਰਹਿੰਦੇ 9 ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਗੁਰਦੀਪ ਸਿੰਘ ਖੈੜਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਸ਼ਮਸ਼ੇਰ ਸਿੰਘ ਸ਼ੇਰਾ, ਭਾਈ ਗੁਰਮੀਤ ਸਿੰਘ, ਭਾਈ ਜਗਤਾਰ ਸਿੰਘ ਜੱਗੀ ਆਦਿ ਦੀ ਭਾਰਤੀ ਸੰਵਿਧਾਨ ਦੀ ਆਰਟੀਕਲ 72 ਅਧੀਨ ਤੁਰੰਤ ਰਿਹਾਈ ਕਰਨ ਦੀ ਕੇਂਦਰ ਸਰਕਾਰ ਨੂੰ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਫ਼ੈਸਲਾ ਨਾ ਲਿਆ ਤਾਂ ਉਨ੍ਹਾਂ ਦੇ ਉਮੀਦਵਾਰਾਂ ਦੇ ਘਿਰਾਓ ਵੀ ਸ਼ੁਰੂ ਕਰਨ ਲਈ ਫ਼ੈਸਲਾ ਵੱਖਰੇ ਤੌਰ ’ਤੇ ਲਿਆ ਜਾਵੇਗਾ।