ਪਟਿਆਲਾ :
ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸੂਬੇ ਨੂੰ ਸੁਰੱਖਿਆ ਦੇ ਨਾਲ-ਨਾਲ ਆਰਥਿਕ ਪੁਨਰ ਸੁਰਜੀਤੀ ਲਈ ਐੱਨ. ਡੀ. ਏ. (ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ) ਸਰਕਾਰ ਦੀ ਲੋੜ ਹੈ। ਕੈਪਟਨ ਅਮਰਿੰਦਰ ਨੇ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਤੋਂ 10 ਕਰੋੜ ਰੁਪਏ ਜ਼ਬਤ ਕਰਨ ਤੋਂ ਬਾਅਦ ਵੀ ਚੰਨੀ ਨੂੰ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੇ ਬਾਵਜੂਦ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਾਮਜ਼ਦ ਕਰਨ ਦੇ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਵੀ ਆਲੋਚਨਾ ਕੀਤੀ।
ਅੱਜ ਇੱਥੇ ਜ਼ਿਲ੍ਹਾ ਬਾਰ ਐਸੋਸੀਏਸ਼ਨ, ਪਟਿਆਲਾ ਵੱਲੋਂ ਕਰਵਾਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਨੂੰ ਚੀਨ-ਪਾਕਿਸਤਾਨ-ਤਾਲਿਬਾਨ ਦੇ ਗਠਜੋੜ ਕਾਰਨ ਗੰਭੀਰ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਲਈ ਚੁਣੌਤੀ ਹੋਰ ਵੀ ਵਧੇਰੇ ਹੈ ਕਿਉਂਕਿ ਪੰਜਾਬ ਦੀ 600 ਕਿਲੋਮੀਟਰ ਲੰਬੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਪੀ. ਐੱਲ. ਸੀ. ਮੁੱਖੀ ਨੇ ਕਿਹਾ ਕਿ ਸਾਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਸੁਰੱਖਿਆ ਚੁਣੌਤੀ ਨੂੰ ਗੰਭੀਰਤਾ ਨਾਲ ਲਵੇ ਅਤੇ ਕੇਂਦਰ ਸਰਕਾਰ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰੇ।
ਸਾਬਕਾ ਮੁੱਖ ਮੰਤਰੀ ਨੇ ਪਾਕਿਸਤਾਨ ਵੱਲੋਂ ਸਰਹੱਦ ਦੇ ਇਸ ਪਾਸੇ ਹਥਿਆਰਾਂ, ਨਸ਼ਿਆਂ ਅਤੇ ਜਾਅਲੀ ਕਰੰਸੀ ਦੀ ਤਸਕਰੀ ਕਰਨ ਲਈ ਵਰਤੇ ਜਾ ਰਹੇ ਅਤਿ ਆਧੁਨਿਕ ਡਰੋਨਾਂ ਦਾ ਵੇਰਵਾ ਵੀ ਦਿੱਤਾ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀ. ਐੱਸ. ਐੱਫ. ਦੇ ਕਾਰਜ ਖੇਤਰ ਦੇ ਵਾਧੇ, ਜੋ ਕਿ ਸਮੇਂ ਦੀ ਲੋੜ ਹੈ, ਦਾ ‘ਬੇਸਮਝ’ ਵਿਰੋਧ ਕਰਨ ਲਈ ਆਲੋਚਨਾ ਵੀ ਕੀਤੀ। ਸੂਬੇ ਦੀ ਮੌਜੂਦਾ ਆਰਥਿਕ ਸਥਿਤੀ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਕੁੱਲ ਘਰੇਲੂ ਪੈਦਾਵਾਰ 5.25 ਲੱਖ ਕਰੋੜ ਰੁਪਏ ਸੀ, ਜਿਸ ਦਾ 70 ਫੀਸਦੀ ਕਰਜ਼ਾ ਹੀ ਹੈ। ਉਨ੍ਹਾਂ ਕਿਹਾ ਕਿ ਇਸ ਕਰਜ਼ੇ ਦੇ ਜਾਲ ਵਿਚੋਂ ਬਾਹਰ ਨਿਕਲਣਾ ਬਹੁਤ ਵੱਡਾ ਕਾਰਜ ਹੈ, ਜੋ ਕੇਂਦਰ ਸਰਕਾਰ ਦੇ ਸਹਿਯੋਗ ਅਤੇ ਸਹਾਰੇ ਤੋਂ ਬਿਨਾਂ ਹਰਗਿਜ਼ ਸੰਭਵ ਨਹੀਂ ਹੈ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਘੱਟੋ-ਘੱਟ ਸੱਤ ਸਾਲ ਹੋਰ ਸੱਤਾ ਵਿਚ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜਿਹੀ ਸਰਕਾਰ ਹੋਣੀ ਚਾਹੀਦੀ ਹੈ ਜੋ ਮੋਦੀ ਨਾਲ ਮਿਲ ਕੇ ਕੰਮ ਕਰੇਗੀ ਕਿਉਂਕਿ ਇਹੀ ਇਕੋ ਇਕ ਰਾਹ ਹੈ। ਖੇਤੀਬਾੜੀ ਮਾਮਲਿਆਂ ‘ਤੇ ਟਿੱਪਣੀ ਕਰਦਿਆਂ ਕੈਪਟਨ ਨੇ ਕਿਹਾ ਕਿ ਐੱਨ. ਡੀ. ਏ. ਨੇ ਖੇਤੀਬਾੜੀ ਇਕ ਵਿਸ਼ੇਸ਼ ਮੈਨੀਫੈਸਟੋ ਜਾਰੀ ਕੀਤਾ ਹੈ, ਜਿਸ ਵਿਚ ਬਦਲਵੀਆਂ ਫਸਲਾਂ ਲਈ ਗਾਰੰਟੀਸ਼ੁਦਾ ਐੱਮ. ਐੱਸ. ਪੀ. ਅਤੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਲਈ ਕਰਜ਼ਾ ਮੁਆਫੀ ਵਰਗੀਆਂ ਕਈ ਅਹਿਮ ਨੀਤੀਆਂ ਦੇ ਵਾਅਦੇ ਕੀਤੇ ਗਏ ਹਨ।
ਉਨ੍ਹਾਂ ਭਰੋਸਾ ਦਿਵਾਇਆ ਕਿ ਮੈਨੀਫੈਸਟੋ ਵਿਚ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਵਾਅਦਿਆਂ ਨੂੰ ਅਮਲ ਵਿਚ ਲਿਆਉਣ ਲਈ ਵਿੱਤੀ ਪ੍ਰਬੰਧ ਪਹਿਲਾਂ ਹੀ ਹੋ ਚੁੱਕੇ ਹਨ। ਕੈਪਟਨ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਚੰਨੀ ਦੇ ਭਤੀਜੇ ਦੇ ਕਬਜ਼ੇ ‘ਚੋਂ ਭ੍ਰਿਸ਼ਟਾਚਾਰ ਦਾ ਇੰਨਾ ਪੈਸਾ ਜ਼ਬਤ ਹੋਣ ਦੇ ਬਾਵਜੂਦ ਕਾਂਗਰਸ ਨੇ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਹੈ। ਇਹ ਕਾਂਗਰਸ ਪਾਰਟੀ ਦੇ ਨਿਰਾਸ਼ਾਜਨਕ ਪਤਨ ਦਾ ਪੱਧਰ ਦਰਸਾਉਂਦਾ ਹੈ ਕਿ ਪਾਰਟੀ ਨੇ ਭ੍ਰਿਸ਼ਟਾਚਾਰ ਨਾਲ ਹੀ ਸਮਝੌਤਾ ਕੀਤਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦਾ ਉਨ੍ਹਾਂ ਨੂੰ ਸਮਰਥਨ ਦੇਣ ਲਈ ਧੰਨਵਾਦ ਕੀਤਾ।