ਸੰਗਰੂਰ, 13 ਫਰਵਰੀ:(ਗੁਰਵਿੰਦਰ ਸਿੰਘ)
ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ ਵਿਧਾਨ ਸਭਾ ਚੋਣਾਂ ਲਈ ਤਾਇਨਾਤ ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ ਅਤੇ ਜਨਰਲ ਅਬਜ਼ਰਵਰ ਸ਼੍ਰੀ ਰਜਿੰਦਰ ਵੀਜਾਰਾਓ ਨਿੰਬਲਕਰ ਦੀ ਅਗਵਾਈ ਹੇਠ ਆਡੀਟੋਰੀਅਮ ਵਿਖੇ ਪੰਜ ਵਿਧਾਨ ਸਭਾ ਹਲਕਿਆਂ ਦੇ ਮਾਈਕਰੋ ਅਬਜ਼ਰਵਰਾਂ ਦੀ ਰਿਹਰਸਲ ਕਰਵਾਈ ਗਈ। ਇਸ ਦੌਰਾਨ ਚੋਣ ਅਬਜ਼ਰਵਰਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਸ਼ਾਂਤਮਈ ਅਤੇ ਪਾਰਦਰਸ਼ੀ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਮਾਈਕਰੋ ਆਬਜ਼ਰਵਰ, ਭਾਰਤੀ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨ ਵਜੋਂ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਅਸਲ ਵੋਟਾਂ ਤੋਂ ਪਹਿਲਾਂ ਮੌਕ ਪੋਲ ਕਰਵਾਉਣ ਤੋਂ ਲੈ ਕੇ ਸਮੁੱਚੀ ਚੋਣ ਪ੍ਰਕਿਰਿਆ 'ਤੇ ਸਖ਼ਤ ਨਜ਼ਰ ਰੱਖਣ ਤੱਕ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਮਾਈਕਰੋ ਅਬਜ਼ਰਵਰਾਂ ਦੀ ਵੱਡੀ ਭੂਮਿਕਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਮਾਈਕਰੋ ਅਬਜ਼ਰਵਰਾਂ ਦੀ ਮਹੱਤਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਚੋਣ ਪ੍ਰਕਿਰਿਆ 'ਤੇ ਸਖ਼ਤ ਨਜ਼ਰ ਰੱਖਣ ਲਈ ਉਨ੍ਹਾਂ ਨੂੰ ਸੰਵੇਦਨਸ਼ੀਲ ਪੋਲਿੰਗ ਖੇਤਰਾਂ ਵਿੱਚ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਈਕਰੋ ਅਬਜ਼ਰਵਰਾਂ ਨੇ ਪੋਲਿੰਗ ਵਾਲੇ ਦਿਨ ਉਨ੍ਹਾਂ ਨੂੰ ਸੌਂਪੇ ਗਏ ਪੋਲਿੰਗ ਬੂਥਾਂ ਦੀ ਸਮੁੱਚੀ ਚੋਣ ਪ੍ਰਕਿਰਿਆ ਦਾ ਨਿਰੀਖਣ ਕਰਕੇ ਅਹਿਮ ਭੂਮਿਕਾ ਨਿਭਾਉਣੀ ਹੁੰਦੀ ਹੈ।
ਇਸ ਮੌਕੇ ਵਧੀਕ ਜ਼ਿਲਾ ਚੋਣ ਅਫ਼ਸਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਨੇ ਵੀ ਸੰਬੋਧਨ ਕੀਤਾ।ਰਿਹਰਸਲ ਦੌਰਾਨ ਦਿਸ਼ਾ ਨਿਰਦੇਸ਼ਾਂ ਬਾਰੇ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮਾਈਕਰੋ ਅਬਜ਼ਰਵਰਾਂ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ ਗਈ।