7 ਅਪ੍ਰੈਲ ਤੋਂ 28 ਅਪ੍ਰੈਲ ਤੱਕ ਬੋਰਡ ਦੀ ਉਕਤ ਕਲਾਸ ਦੀ ਟਰਮ-2 ਦੀ ਲਈ ਜਾਵੇਗੀ ਪ੍ਰੀਖਿਆ
ਮਾਲਵਾ ਬਿਊਰੋ, ਹੁਸ਼ਿਆਰਪੁਰ:
ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਟਰਮ-2 ਦੀ ਪ੍ਰੀਖਿਆ ਸਬੰਧੀ ਪ੍ਰੀਖਿਆ ਦੇ ਦਿਨਾਂ ਤੱਕ ਜਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਉਨ੍ਹਾਂ ਦੱਸਿਆ ਕਿ ਵਾਈਸ ਚੇਅਰਮੈਨ-ਕਮ-ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਉਕਤ ਪ੍ਰੀਖਿਆ 7 ਅਪ੍ਰੈਲ ਤੋਂ 28 ਅਪ੍ਰੈਲ ਤੱਕ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰੀਖਿਆ ਲਈ 158 ਸੈਂਟਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਤਰ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਹੋ ਸਕਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੁੰਦੀ ਹੈ।
ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਸ ਲਈ ਪ੍ਰੀਖਿਆ ਨੂੰ ਸ਼ਾਂਤਮਈ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੌਰਾਨ ਕੋਵਿਡ-19 ਮਹਾਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਸਬੰਧੀ ਪ੍ਰੀਖਿਆ ਕੇਂਦਰਾਂ ਵਿਚ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣਗੇ।