ਮਾਲਵਾ ਬਿਊਰੋ, ਚੰਡੀਗੜ੍ਹ
ਪੰਜਾਬ ਰੈਵੀਨਿਊ ਆਫਿਸਰਜ਼ ਐਸੋਸੀਏਸ਼ਨ ਨੇ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਹੈ। ਪੰਜਾਬ ਰੈਵੀਨਿਊ ਆਫਿਸਰਜ਼ ਵਲੋਂ ਇੱਕ ਨੋਟਿਸ ਜਾਰੀ ਕਰਕੇ ਆਮ ਜਨਤਾ ਨੂੰ ਸੂਚਿਤ ਕਰਦਿਆਂ ਦੋਸ਼ ਲਗਾਇਆ ਕਿ ਲੰਬੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਜਥੇਬੰਦੀ ਵੱਲੋਂ ਨਾਇਬ ਤਹਿਸੀਲਦਾਰ ਅਤੇ ਪਟਵਾਰੀਆਂ ਨੂੰ ਕੱਲ੍ਹ ਮਿਤੀ 28-03 -2022 ਤੋਂ ਬੰਦੀ ਬਣਾਇਆ ਗਿਆ ਹੈ, ਕਿਉਂਕਿ ਸਰਕਾਰੀ ਮੁਲਾਜ਼ਮ ਝੂਠੀਆਂ ਰਿਪੋਰਟਾਂ ਬਣਾ ਕੇ ਉਨ੍ਹਾਂ ਨੂੰ ਗ਼ਲਤ ਮੁਆਵਜ਼ਾ ਦੇਣ ਲਈ ਤਿਆਰ ਨਹੀਂ ਸਨ।
ਕਿਸਾਨ ਜਥੇਬੰਦੀ ਦੀ ਇਸ ਕਥਿਤ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਖ਼ਿਲਾਫ਼ ਪੰਜਾਬ ਦੇ ਸਾਰੇ ਜ਼ਿਲ੍ਹਾ ਮਾਲ ਅਫਸਰ , ਤਹਿਸੀਲਦਾਰ , ਨਾਇਬ ਤਹਿਸੀਲਦਾਰ , ਕਾਨੂੰਨਗੋ ਅਤੇ ਪਟਵਾਰੀ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਹਨ ਅਤੇ ਲੰਬੀ ਵਿਖੇ ਇਕੱਠੇ ਹੋ ਰਹੇ ਹਨ । ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਬੰਦੀ ਬਣਾਉਣ ਵਾਲੇ ਮੁਜਰਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਹੀਂ ਹੁੰਦੀ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਮੁਲਾਜ਼ਮਾਂ ਨਾਲ ਧੱਕਾ ਕਰਨ ਦੀ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਹੁੰਦਾ।
ਪੰਜਾਬ ਰੈਵੀਨਿਊ ਆਫਿਸਰਜ਼ ਐਸੋਸੀਏਸ਼ਨ ਨੇ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਸੱਚ ਦੀ ਲੜਾਈ ਦੇ ਵਿੱਚ ਆਪ ਵੀ ਸਰਕਾਰੀ ਮੁਲਾਜ਼ਮਾਂ ਦਾ ਸਾਥ ਦੇਵੋ ਅਤੇ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਜਾਂਦੀ ਧੱਕੇਸ਼ਾਹੀ ਸਬੰਧੀ ਕੋਈ ਠੋਸ ਕਦਮ ਚੁੱਕਣ ਦੀ ਅਪੀਲ ਕਰੋ । ਇਸ ਹੜਤਾਲ ਦੌਰਾਨ ਆਪ ਨੂੰ ਜੋ ਵੀ ਔਕੜਾਂ ਆਉਣਗੀਆਂ , ਉਸ ਦੀ ਸਿੱਧੇ ਤੌਰ ਤੇ ਜ਼ਿੰਮੇਵਾਰ ਕਿਸਾਨ ਜਥੇਬੰਦੀ ਅਤੇ ਸਰਕਾਰ ਦੀ ਇਸ ਮੁੱਦੇ ਨੂੰ ਅਣਗੌਲਿਆਂ ਕਰਨ ਦੀ ਨੀਤੀ ਹੋਵੇਗੀ।