ਚੰਡੀਗੜ੍ਹ-
ਪੰਜਾਬ ਵਿੱਚ ‘ਆਪ ਪਾਰਟੀ’ ਦੀ ਸਰਕਾਰ ਆਉਂਦਿਆਂ ਹੀ CM ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ, ਭ੍ਰਿਸ਼ਟਾਚਾਰ ਆਦਿ ਖਤਮ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ਵਿਚਾਲੇ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ
ਜਿਸ ਵਿੱਚ ਉਨ੍ਹਾਂ ਕਿਹਾ ਕਿ ਆਉਂਦੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚੋਂ ਹਰ ਹਾਲਤ ਵਿੱਚ ਚਿੱਟਾ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਪਹਿਲਾ ਮਕਸਦ ਨਸ਼ਿਆਂ ਦਾ ਖ਼ਾਤਮਾ ਅਤੇ ਸਿਹਤ ਤੇ ਸਿੱਖਿਆ ਸਹੂਲਤਾਂ ਦਾ ਵਿਸਥਾਰ ਕਰਨਾ ਹੈ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇਤਿਹਾਸਕ ਫ਼ਤਵਾ ਦਿੱਤਾ ਹੈ। ਜਿਸ ਕਾਰਨ ਸਾਡੀ ਸਰਕਾਰ ਸੂਬੇ ਦੇ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰਾ ਉਤਰੇਗੀ। ਸੰਧਵਾਂ ਨੇ ਅੱਗੇ ਕਿਹਾ ਕਿ ਉਹ ਆਪਣੇ ਹਲਕੇ ਕੋਟਕਪੂਰਾ ਦੇ ਵੋਟਰਾਂ ਦੇ ਹਮੇਸ਼ਾ ਰਿਣੀ ਰਹਿਣਗੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੂਜੀ ਵਾਰ ਵਿਧਾਨ ਸਭਾ ਭੇਜਿਆ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਖਤਮ ਕਰਨ ਲਈ ਹੈਲਪਲਾਈਨ ਨੰਬਰ 95012-00200 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਸ਼ਿਕਾਇਤ ਮਿਲਣ ‘ਤੇ ਤੁਰੰਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਹੈਲਪਲਾਈਨ ਦੀ ਨਿਗਰਾਨੀ ਲਈ ਸਰਕਾਰ ਵੱਲੋਂ ਉੱਚ ਅਧਿਕਾਰੀ ਲਾਏ ਗਏ ਹਨ।