ਭਵਾਨੀਗੜ੍ਹ, 25 ਸਤੰਬਰ (ਯੁਵਰਾਜ ਹਸਨ)ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਭਵਾਨੀਗੜ੍ਹ ਵਿਖੇ ਆਯੋਜਿਤ ਅਸੈਸਮੈਂਟ ਕੈਂਪ ਦੌਰਾਨ 107 ਦਿਵਿਆਂਗਜਨ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਬੜਿੰਗ ਨੇ ਦੱਸਿਆ ਕਿ ਕੈਂਪ ਵਿੱਚ ਨਕਲੀ ਅੰਗਾਂ ਤੇ ਸਹਾਇਕ ਉਪਕਰਨਾਂ ਦੇ ਨਾਲ ਨਾਲ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਕੈਂਪ ਅਤੇ ਯੂ.ਡੀ.ਆਈ.ਡੀ ਦਾ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਗਿਆ ਤਾਂ ਜੋ ਕੋਈ ਵੀ ਦਿਵਿਆਂਗ ਲਾਭਪਾਤਰੀ ਇਹਨਾਂ ਸੁਵਿਧਾਵਾਂ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ
ਇਸ ਕੈਂਪ ਵਿਚ ਮੋਟਰਾਇਜਡ ਟਰਾਈਸਾਇਕਲ, ਟਰਾਈ ਸਾਇਕਲ, ਵ੍ਹੀਲ ਚੇਅਰ, ਨਕਲੀ ਅੰਗ, ਪੋਲਿਓ ਕੈਲਿਪਰ, ਕੰਨਾਂ ਦੀਆਂ ਮਸ਼ੀਨਾਂ, ਸਮਾਰਟ ਫੋਨ, ਸੀ.ਪੀ. ਚੇਅਰ, ਐਮ.ਆਰ. ਕਿੱਟ, ਨੇਤਰਹੀਣਾਂ ਲਈ ਸਮਾਰਟ ਕੇਨ, ਐਲਬੋ ਕਰੰਚ, ਚੱਲਣ ਵਾਲੀ ਸੋਟੀ, ਬਰੇਲ ਕੇਨ, ਵਾਕਰ, ਏ.ਡੀ.ਐਲ ਕਿੱਟ (ਲੈਪਰੇਸੀ), ਬੀ ਟੀ ਈ (2 ਸਾਲ ਤੋਂ ਛੋਟੇ ਬੱਚੇ ਲਈ ਕੰਨ ਦੀ ਮਸ਼ੀਨ) ਅਤੇ ਹੋਰ ਸਹਾਇਕ ਉਪਕਰਣਾਂ ਲਈ ਲਾਭਪਾਤਰੀਆਂ ਦੀ ਅਸੈਸਮੈਂਟ ਕੀਤੀ ਗਈ।