ਦਿੱਲੀ ਰੈਲੀ ਵਿੱਚ ਮੁਲਾਜ਼ਮ ਵੱਡੀ ਗਿਣਤੀ ਵਿੱਚ ਕਰ ਰਹੇ ਹਨ ਸ਼ਮੂਲੀਅਤ*
*ਪ.ਸ.ਸ.ਫ. ਦੇ ਝੰਡੇ ਹੇਠ ਜਾ ਰਹੇ ਮੁਲਾਜ਼ਮ ਰਾਮਲੀਲਾ ਮੈਦਾਨ ਦੇ ਬਾਹਰ ਹੋੋਣਗੇ ਇਕੱਤਰ

ਭਵਾਨੀਗੜ, 30 ਅਕਤੂਬਰ (ਗੁਰਵਿੰਦਰ ਸਿੰਘ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਦੇਸ਼ ਦੇ ਮੁਲਾਜ਼ਮਾਂ ਦੀ ਕੌਮੀਂ ਜੱਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਅਤੇ ਕਨਫੈਡਰੇਸ਼ਨ ਆਫ ਸੈਂਟਰਲ ਗੌਰਮਿੰਟ ਇੰਪਲਾਈਜ਼ ਅਤੇ ਵਰਕਰਜ਼ ਵਲੋਂ ਕੀਤੇ ਜਾ ਰਹੇ ਦੇਸ਼ ਵਿਆਪੀ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਦਿਆਂ ਮਿਤੀ 3 ਨਵੰਬਰ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਪੀ.ਐਫ.ਆਰ.ਡੀ.ਏ. ਬਿੱਲ ਨੂੰ ਰੱਦ ਕਰਕੇ 31 ਦਸੰਬਰ 2003 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਲਾਗੂ ਕਰਵਾਉਣ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ, ਮਿਡ ਡੇ ਮੀਲ, ਆਗਣਵਾੜੀ, ਆਸ਼ਾ ਵਰਕਰਾਂ ਦੀਆਂ ਸੇਵਾਵਾਂ ਦਾ ਸਰਕਾਰੀਕਰਣ ਕਰਵਾਉਣ, ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਦੇ ਜਨਤਕ ਅਦਾਰਿਆਂ ਦਾ ਕੀਤਾ ਜਾ ਰਿਹਾ ਨਿੱਜੀਕਰਣ ਬੰਦ ਕਰਵਾਉਣ, ਕੇਂਦਰੀ ਮੁਲਾਜ਼ਮਾਂ ਲਈ ਅੱਠਵੇਂ ਅਤੇ ਪੰਜਾਬ ਦੇ ਮੁਲਾਜ਼ਮਾਂ ਲਈ ਸੱਤਵੇਂ ਤਨਖਾਹ ਕਮਿਸ਼ਨ ਦਾ ਗਠਨ ਕਰਵਾਉਣ, ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਪਿਛਲਾ ਬਕਾਇਆ ਯਕ-ਮੁਸ਼ਤ ਜਾਰੀ ਕਰਵਾਉਣ, ਲੋਕਤੰਤਰ ਅਧਿਕਾਰਾਂ ਨੂੰ ਬਰਕਰਾਰ ਰੱਖਣ ਜਿਹੇ ਅਹਿਮ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਕਰਨ ਹਿੱਤ ਇੱਕ ਵਿਸ਼ਾਲ ਕੌਮੀਂ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਸੂਬੇ ਭਰ ਵਿੱਚੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਬੈਨਰ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਮੁਲਾਜ਼ਮਾਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਇਸ ਕੌਮੀਂ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਅੰਦਰ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲਿਆਂ ਤੋਂ ਪ੍ਰਾਪਤ ਕੀਤੀਆਂ ਰਿਪੋਰਟਾਂ ਅਨੁਸਾਰ ਸੂਬੇ ਦੇ ਸਾਰੇ ਹੀ ਜ਼ਿਲਿਆਂ ਤੋਂ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ ਅਤੇ 3 ਨਵੰਬਰ ਨੂੰ ਕੀਤੀ ਜਾਣ ਵਾਲੀ ਕੌਮੀਂ ਰੈਲੀ ਵਿੱਚ ਸ਼ਮੂਲੀਅਤ ਕਰਨ ਵਾਲੇ ਸਮੂਹ ਮੁਲਾਜ਼ਮਾਂ ਨੂੰ ਰਾਮਲੀਲਾ ਮੈਦਾਨ ਦੇ ਬਾਹਰ ਠੀਕ 9 ਵਜੇ ਤੱਕ ਇਕੱਤਰ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਕਾਫਲੇ ਦੇ ਰੂਪ ਵਿੱਚ ਜੱਥੇਬੰਦੀ ਵਲੋਂ ਇਸ ਰੈਲੀ ਵਿੱਚ ਸ਼ਮੂਲੀਅਤ ਕੀਤੀ ਜਾ ਸਕੇ ਅਤੇ ਕੇਂਦਰ ਸਰਕਾਰ ਵਿਰੁੱਧ ਕੀਤੇ ਜਾ ਰਹੇ ਦੇਸ਼ ਵਿਆਪੀ ਸੰਘਰਸ਼ ਵਿੱਚ ਯੋਗਦਾਨ ਪਾਇਆ ਜਾ ਸਕੇ। ਰਾਮਲੀਲਾ ਮੈਦਾਨ, ਦਿੱਲੀ ਗੇਟ ਅਤੇ ਨਿਊ ਦਿੱਲੀ ਮੈਟਰੋ ਸਟੇਸ਼ਨ ਦੇ ਨਜ਼ਦੀਕ ਹੈ।