ਸੰਗਰੂਰ, 7 ਦਸੰਬਰ:(ਗੁਰਵਿੰਦਰ ਸਿੰਘ ਰੋਮੀ)
2016 ਬੈਚ ਦੇ ਪੀ.ਸੀ.ਐਸ ਅਧਿਕਾਰੀ ਸ਼੍ਰੀ ਕੁਲਦੀਪ ਬਾਵਾ ਨੇ ਜ਼ਿਲ੍ਹਾ ਸੰਗਰੂਰ ਦੇ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੀ ਕੁਲਦੀਪ ਬਾਵਾ ਇਸ ਤੋਂ ਪਹਿਲਾਂ ਐਸ.ਡੀ.ਐਮ ਵਜੋਂ ਸੂਬੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਸਮਰਾਲਾ, ਖੰਨਾ (ਵਾਧੂ ਚਾਰਜ), ਅੰਮ੍ਰਿਤਸਰ-1 ਅਤੇ ਡੇਰਾ ਬੱਸੀ ਵਿਖੇ ਸੇਵਾਵਾਂ ਨਿਭਾਅ ਚੁੱਕੇ ਹਨ। ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸ਼੍ਰੀ ਕੁਲਦੀਪ ਬਾਵਾ ਨੇ ਕਿਹਾ ਕਿ ਇਨ੍ਹੀਂ ਦਿਨੀਂ ਪੈ ਰਹੀ ਧੁੰਦ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਸਫ਼ਰ ਦੌਰਾਨ ਵਧੇਰੇ ਚੌਕਸੀ ਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।