ਬਰਗਾੜੀ ਮਾਮਲਾ
2 ਪੁਲਸ ਮੁਲਾਜ਼ਮਾਂ ਵਲੋਂ ਐੱਫ. ਆਈ. ਆਰ ਰੱਦ ਕਰਨ ਦੀ ਮੰਗ

ਚੰਡੀਗੜ੍ਹ : (ਗੁਰਵਿੰਦਰ ਸਿੰਘ ਮੋਹਾਲੀ)
ਬਰਗਾੜੀ ਗੋਲੀਕਾਂਡ ਮਾਮਲੇ 'ਚ ਦੋਸ਼ੀ ਸਬ ਇੰਸਪੈਕਟਰ ਗੁਰਦੀਪ ਸਿੰਘ ਅਤੇ ਹੈੱਡ ਕਾਂਸਟੇਬਲ ਰਛਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਐੱਫ. ਆਈ. ਆਰ. ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਉਨ੍ਹਾਂ 'ਤੇ ਐੱਫ. ਆਈ. ਆਰ. ਦਰਜ ਹੋਣ ਦੇ 3 ਸਾਲਾਂ ਬਾਅਦ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਅਜਿਹੇ 'ਚ ਐੱਫ. ਆਈ. ਆਰ. ਰੱਦ ਕੀਤੀ ਜਾਵੇ। ਪਟੀਸ਼ਨ 'ਚ ਕਿਹਾ ਗਿਆ ਕਿ ਸਾਲ 2015 ਨੂੰ ਐੱਫ. ਆਈ. ਆਰ. ਦਰਜ ਕੀਤੇ ਜਾਣ ਤੋਂ ਬਾਅਦ ਸਾਲ 2018 'ਚ ਫਿਰ ਤੋਂ ਕੇਸ ਦਰਜ ਕੀਤਾ ਗਿਆ, ਜੋ ਕਿ ਗੈਰ ਕਾਨੂੰਨੀ ਹੈ। ਇਸ ਮਾਮਲੇ ਸਬੰਧੀ ਅਦਾਲਤ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪਟੀਸ਼ਨ 'ਚ ਐੱਸ. ਆਈ. ਟੀ. 'ਚ ਸ਼ਾਮਲ ਆਈ. ਜੀ. ਕੁੰਵਰ ਵਿਜੇ ਪ੍ਤਾਪ ਸਿੰਘ 'ਤੇ ਵੀ ਦੋਸ਼ ਲਾਏ ਗਏ ਹਨ ਅਤੇ ਉਨ੍ਹਾਂ ਨੂੰ ਐੱਸ. ਆਈ. ਟੀ. 'ਚੋਂ ਹਟਾਉਣ ਦੀ ਮੰਗ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਤੈਅ ਕੀਤੀ ਹੈ।