ਸਕੂਲ ਬੱਸ ਦੇ ਡਰਾਈਵਰ ਦੀ ਲਾਪ੍ਰਵਾਹੀ ਕਾਰਨ ਵਿਦਿਆਰਥੀ ਦੇ ਦੰਦ ਟੁੱਟਣ ਦਾ ਮਾਮਲਾ
ਸੇਫ ਸਕੂਲ ਵਾਹਨ ਸਕੀਮ ਕਮੇਟੀ ਦੇ ਚੇਅਰਮੈਨ ਵੱਲੋਂ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ

ਐਸ.ਏ.ਐਸ. ਨਗਰ, 11 ਜੁਲਾਈ {ਗੁਰਵਿੰਦਰ ਸਿੰਘ ਮੋਹਾਲੀ} ਚੇਅਰਮੈਨ ਸੇਫ ਸਕੂਲ ਵਾਹਨ ਸਕੀਮ ਕਮੇਟੀ-ਕਮ-ਐਸ.ਡੀ.ਐਮ. ਐਸ.ਏ.ਐਸ ਨਗਰ ਸ੍ਰੀ ਜਗਦੀਪ ਸਹਿਗਲ ਨੇ ਸਮਾਰਟ ਵੰਡਰ ਸਕੂਲ ਸੈਕਟਰ 71 ਦੇ ਡਰਾਈਵਰ ਦੀ ਲਾਪਰਵਾਹੀ ਕਾਰਨ ਪੰਜਵੀਂ ਜਮਾਤ ਦੇ ਵਿਦਿਆਰਥੀ ਹਰਕਰਨ ਪ੍ਤਾਪ ਸਿੰਘ ਦੇ ਦੰਦ ਟੁੱਟਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸਕੂਲ ਪ੍ਰਿੰਸੀਪਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 10 ਦਿਨਾਂ ਵਿੱਚ ਜਵਾਬ ਮੰਗਿਆ ਹੈ। ਨੋਟਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਸਕੂਲ ਦੀਆਂ ਬੱਸਾਂ ਦੀ ਚੈਕਿੰਗ ਅਗਲੇ ਹਫ਼ਤੇ ਵਿੱਚ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ। ਐਸ.ਡੀ.ਐਮ. ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਸਕੀਮ ਬਣਾਈ ਗਈ, ਜਿਸ ਅਨੁਸਾਰ ਸਕੂਲ ਅਥਾਰਟੀ (ਪ੍ਰਿੰਸੀਪਲ/ਹੈੱਡ ਮਾਸਟਰ/ਹੈੱਡ ਮਿਸਟ੍ਰੈੱਸ) ਪੂਰੀ ਤਰ੍ਹਾਂ ਸਕੂਲੀ ਬੱਚਿਆਂ ਦੀ ਟਰਾਂਸਪੋਰਟੇਸ਼ਨ ਲਈ ਜ਼ਿੰਮੇਵਾਰ ਹਨ। ਭਾਵੇਂ ਸਕੂਲੀ ਬੱਚਿਆਂ ਨੂੰ ਲਿਆਣ-ਲਿਜਾਣ ਵਾਲੀਆਂ ਬੱਸਾਂ ਸਬੰਧਤ ਸਕੂਲ ਦੀਆਂ ਹੋਣ ਜਾਂ ਪ੍ਰਾਈਵੇਟ ਠੇਕੇਦਾਰ ਦੀਆਂ। ਵਿਦਿਆਰਥੀਆਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਸਕੂਲ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦਾ। ਨੋਟਿਸ ਵਿੱਚ ਅੱਗੇ ਕਿਹਾ ਗਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਇਸ ਸੰਵੇਦਨਸ਼ੀਲ ਮੁੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਸਕੀਮ ਦੀ ਸਕੂਲ ਬੱਸਾਂ ਵੱਲੋਂ ਪਾਲਣਾ ਕਰਵਾਉਣ ਹਿੱਤ ਸਕੂਲ ਪ੍ਰਿੰਸੀਪਲਾਂ/ਮੁਖੀਆਂ ਨੂੰ ਸਮੇਂ ਸਮੇਂ ’ਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀਆਂ ਮੀਟਿੰਗਾਂ ਵਿੱਚ ਵੀ ਇਸ ਮੁੱਦੇ ’ਤੇ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ।