ਭਵਾਨੀਗੜ, 20 ਜੁਲਾਈ (ਗੁਰਵਿੰਦਰ ਸਿੰਘ)- ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ਼ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੈਪੋ) ਮੁਹਿੰਮ ਤਹਿਤ ਬਲਾਕ ਦੇ ਪਿੰਡ ਦਿਆਲਪੁਰਾ ਵਿਖੇ ਡੀਐੱਸਪੀ ਭਵਾਨੀਗੜ੍ਹ ਸੁਖਰਾਜ ਸਿੰਘ ਘੁੰਮਣ ਨੇ ਪਿੰਡ ਦੀ ਪੰਚਾਇਤ ਅਤੇ ਲੋਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਪਿੰਡ ਵਾਸੀਆਂ ਨੂੰ ਆਪਣੇ ਦੋਸਤਾਂ, ਮਿੱਤਰਾਂ, ਪਰਿਵਾਰਕ ਮੈਂਬਰਾਂ, ਗਲੀ ਮੁਹੱਲਿਆਂ ਵਿੱਚ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਡੀਅੈਸਪੀ ਘੁੰਮਣ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਦਾ ਇੱਕ ਭੈੜਾ ਵਰਤਾਰਾ ਹੈ ਜੋ ਵਿਅਕਤੀ ਅਤੇ ਉਸਦੇ ਘਰ ਪਰਿਵਾਰ ਨੂੰ ਬਰਬਾਦ ਕਰਕੇ ਰੱਖ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤੀ ਕਿ ਉਨ੍ਹਾਂ ਦੇ ਪਿੰਡ ਜਾਂ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦਾ ਨਸ਼ਾ ਵੇਚਣ ਜਾ ਨਸ਼ੇ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਕਿ ਨਸ਼ੇ ਨੂੰ ਜ਼ਮੀਨੀ ਪੱਧਰ ਤੋਂ ਖ਼ਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਇਲਾਕੇ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਤੋਂ ਵੀ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਛੇੜੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ। ਮੀਟਿੰਗ ਵਿੱਚ ਪਿੰਡ ਦੀ ਪੰਚਾਇਤ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਰਹੇ।
ਪਿੰਡ ਦਿਆਲਪੁਰਾ ਵਿਖੇ ਮੀਟਿੰਗ ਦੌਰਾਨ ਡੀਐਸਪੀ ਭਵਾਨੀਗੜ ।