ਪਾਣੀ ਅਤੇ ਸੀਵਰੇਜ ਪ੍ਰੋਜੈਕਟਾਂ ਤੇ ਕੰਮ ਸ਼ੁਰੂ
18.88 ਕਰੋੜ ਦੇ ਪ੍ਰਾਜੈਕਟ ਦਾ ਕੈਬਨਿਟ ਮੰਤਰੀ ਸਿੰਗਲਾ ਨੇ ਕੀਤਾ ਉਦਘਾਟਨ

ਭਵਾਨੀਗੜ੍, 15 ਸਤੰਬਰ (ਗੁਰਵਿੰਦਰ ਸਿੰਘ) ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੇੈਇੰਦਰ ਸਿੰਗਲਾ ਨੇ ਭਵਾਨੀਗੜ੍ ਸ਼ਹਿਰ ਵਿੱਚ 18.88 ਕਰੋੜ ਰੁਪਏ ਦੀ ਲਾਗਤ ਨਾਲ 15 ਕਿਲੋਮੀਟਰ ਵਾਟਰ ਸਪਲਾਈ ਅਤੇ 32 ਕਿਲੋਮੀਟਰ ਸੀਵਰੇਜ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸਿੰਗਲਾ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਭਵਾਨੀਗੜ ਦੇ ਲੋਕਾਂ ਨੂੰ ਸੀਵਰੇਜ ਦੀ ਵੱਡੀ ਸਮੱਸਿਆ ਹੱਲ ਹੋਈ ਹੈ ਅਤੇ ਸ਼ਹਿਰ ਵਾਸੀਆਂ ਲਈ ਪੀਣ ਵਾਲੇ ਪਾਣੀ ਦੀ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਲੋਕਾਂ ਦਾ ਨੁਮਾਇੰਦਾ ਹੋਣ ਦੇ ਨਾਤੇ ਉਹ ਹਲਕਾ ਸੰਗਰੂਰ ਵਿੱਚ ਵੱਡੇ ਪ੍ਰਾਜੈਕਟ ਲਿਆਉਣ ਦੀ ਸੋਚ ਹਰ ਸਮੇਂ ਮਨ ਵਿੱਚ ਰੱਖਦੇ ਹਨ। ਸਿੰਗਲਾ ਨੇ ਕਿਹਾ ਕਿ ਮਾਨ ਤੇ ਖੁਸ਼ੀ ਮਹਿਸੂਸ ਹੁੰਦੀ ਹੈ ਜਦੋਂ ਹਲਕੇ ਵਿੱਚ ਲਿਆਂਦੇ ਵੱਡੇ ਪ੍ਰੋਜੈਕਟ ਜਿਵੇਂ ਪੀਜੀਆਈ ਘਾਬਦਾਂ ਵਿੱਚ ਪਹੁੰਚ ਕੇ ਸੂਬੇ ਸਮੇਤ ਹੋਰ ਕਈ ਰਾਜਾਂ ਦੇ ਲੋਕ ਇੱਥੇ ਮਾਹਿਰ ਡਾਕਟਰਾਂ ਤੋਂ ਸਸਤਾ ਤੇ ਵਧੀਆ ਢੰਗ ਨਾਲ ਆਪਣਾ ਇਲਾਜ ਕਰਵਾਉਣ ਲਈ ਆਉੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ ਇੱਕ ਕਰਕੇ ਪੂਰਾ ਕਰ ਰਹੀ ਹੈ। ਇਸ ਸਮੇਂ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਸਿੰਗਲਾ ਦਾ ਸਨਮਾਨ ਕਰਦੇ ਕਾਂਗਰਸੀ ਆਗੂ ।