ਭਵਾਨੀਗੜ੍ਹ, 26 ਨਵੰਬਰ (ਗੁਰਵਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਘਰਾਚੋਂ ਦੀ ਅਗਵਾਈ ਵਿੱਚ ਹੋਈ ਜਿਸ ਦੌਰਾਨ ਪਿੰਡ ਆਲੋਅਰਖ ਇਕਾਈ ਦੀ ਚੋਣ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਕਪਿਆਲ ਨੇ ਸੰਬੋਧਨ ਕਰਦੇ ਹੋਏ ਆਖਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਸਬੰਧੀ ਪ੍ਰਸ਼ਾਸਨ ਨੇ ਕਿਸਾਨਾਂ ਤੇ ਪਰਚੇ ਕੀਤੇ ਹਨ ਉਸ ਦੇ ਵਿਰੋਧ ਵਿੱਚ ਯੂਨੀਅਨ ਵੱਡਾ ਸੰਘਰਸ਼ ਕਰਨ ਦੀ ਤਿਆਰੀ ਵਿੱਚ ਹੈ। ਇਸ ਲਈ ਯੂਨੀਅਨ ਵੱਲੋਂ ਪਿੰਡ ਪੱਧਰ 'ਤੇ ਇਕਾਈਆਂ ਦੀ ਚੋਣ ਕੀਤੀ ਜਾ ਰਹੀ ਹੈ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਘਰਾਚੋੰ ਨੇ ਕਿਹਾ ਕਿ ਖੇਤੀ ਮਸ਼ੀਨਰੀ ਤੇ ਸਬਸਿਡੀ ਦੇ ਕੇ ਸਰਕਾਰ ਉਦਯੋਗਪਤੀਆਂ ਨੂੰ ਫਾਇਦਾ ਦੇ ਰਹੀ ਹੈ ਕਿਉਂਕਿ ਇਸ ਮਸ਼ੀਨਰੀ ਨਾਲ ਪਰਾਲੀ ਦਾ ਕੋਈ ਹੱਲ ਨਹੀਂ ਹੋ ਸਕਿਆ। ਕਿਸਾਨ ਆਗੂਆਂ ਨੇ ਕਿਹਾ ਕਿ ਗਰੀਨ ਟ੍ਰਿਬਿਊਨਲ ਕੋਰਟ ਦੇ ਫੈਸਲੇ ਮੁਤਾਬਕ ਸਰਕਾਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਆਪ ਜ਼ਿੰਮੇਵਾਰੀ ਲਵੇ ਤਾਂ ਹੀ ਕਿਸਾਨੀ ਬਚ ਸਕਦੀ ਹੈ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਫੈਸਲਾ ਲਿਆ ਕਿ ਜੇਕਰ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਤੇ ਕੀਤੇ ਪਰਚੇ ਰੱਦ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਇਕਾਈ ਪ੍ਰਧਾਨ ਅਜਮੇਰ ਸਿੰਘ, ਮਾਲਵਿੰਦਰ ਸਿੰਘ, ਗੁਰਮੇਲ ਸਿੰਘ, ਮੇਵਾ ਸਿੰਘ, ਅਵਤਾਰ ਸਿੰਘ, ਮਨਪ੍ਰੀਤ ਸਿੰਘ ਸਮੇਤ ਕਿਸਾਨ ਆਗੂ ਮੌਜੂਦ ਸਨ।
ਮੀਟਿੰਗ ਦੌਰਾਨ ਹਾਜ਼ਰ ਕਿਸਾਨ ਯੂਨੀਅਨ ਦੇ ਨੁਮਾਇੰਦੇ।