ਜਮੀਨ ਦੀ ਕੁਰਕੀ ਅਤੇ ਅਦਾਲਤ ਨੂੰ ਗੁੰਮਰਾਹ ਕਰਨ ਤੋਂ ਭੜਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ
ਪਿੰਡ ਪੰਨਵਾਂ ਦੇ ਕਿਸਾਨ ਦੇ ਹੱਕ 'ਚ ਨਿਤਰੀ ਕਿਸਾਨ ਜਥੇਬੰਦੀ -

ਭਵਾਨੀਗੜ, 27 ਫਰਵਰੀ (ਗੁਰਵਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਭਵਾਨੀਗੜ੍ਹ ਵੱਲੋਂ ਪਿੰਡ ਪੰਨਵਾਂ ਦੇ ਮ੍ਰਿਤਕ ਕਿਸਾਨ ਰਾਜ ਕੁਮਾਰ ਦੀ ਜਮੀਨ ਦੀ ਕੁਰਕੀ ਦੇ ਵਿਰੋਧ ਅਤੇ ਪ੍ਰਸ਼ਾਸ਼ਨ ਵੱਲੋਂ ਮਾਨਯੋਗ ਅਦਾਲਤ ਨੂੰ ਗੁੰਮਰਾਹ ਕਰਕੇ ਕਿਸਾਨਾਂ ਤੇ ਦਰਜ ਕਰਵਾਏ ਪਰਚਿਆਂ ਦੇ ਵਿਰੋਧ 'ਚ ਵੀਰਵਾਰ ਨੂੰ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਪਿੰਡ ਦੀ ਧਰਮਸ਼ਾਲਾ ਵਿੱਚ ਵੱਡਾ ਇਕੱਠ ਕੀਤਾ ਅਤੇ ਪਿੰਡ ਵਿਚ ਰੋਸ਼ ਪ੍ਰਦਰਸਨ ਵੀ ਕੀਤਾ ਗਿਆ। ਇਸ ਮੌਕੇ ਸੈਂਕੜੇ ਕਿਸਾਨਾਂ ਨੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਲੋਕਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਵਿਚ ਤਾਂ ਆ ਗੲੀ ਪਰ ਗੱਦੀ ਤੇ ਬੈਠਦਿਆਂ ਹੀ ਕਿਸਾਨਾਂ ਨਾਲ ਕੀਤੇ ਵਾਅਦੇ ਲਾਰਿਆਂ ਵਿਚ ਬਦਲ ਗੲੇ। ਇਸ ਮੌਕੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਤੋਂ ਵੋਟਾਂ ਵਟੋਰਨ ਖਾਤਰ ਕਾਂਗਰਸ ਸਰਕਾਰ ਨੇ "ਕਰਜ਼ਾ ਕੁਰਕੀ ਖ਼ਤਮ ਫ਼ਸਲ ਦੀ ਪੂਰੀ ਰਕਮ" ਦਾ ਨਾਅਰਾ ਖ਼ੂਬ ਪ੍ਰਚਾਰਿਆ ਸੀ ਅਤੇ ਕਿਹਾ ਸੀ ਕਿ ਪੰਜਾਬ ਦੇ ਸਮੂਹ ਕਿਰਤੀ ਕਿਸਾਨ ਦਾ ਕਰਜ਼ਾ ਪੰਜਾਬ ਸਰਕਾਰ ਵੱਲੋਂ ਭਰਿਆ ਜਾਵੇਗਾ ਅਤੇ ਕਿਸੇ ਵੀ ਕਿਸਾਨ ਦੀ ਕੁਰਕੀ ਨਹੀਂ ਕੀਤੀ ਜਾਵੇਗੀ ਪਰ ਅੱਜ ਨਾਂ ਤਾਂ ਕਿਸਾਨਾਂ ਦਾ ਕਰਜ਼ਾ ਖ਼ਤਮ ਹੋਇਆ ਨਾਂ ਹੀ ਕੁਰਕੀਆਂ ਬੰਦ ਹੋਈਆਂ ਹਨ ਜਿਸ ਕਾਰਨ ਹੀ ਕਿਸਾਨਾਂ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਨਹੀਂ ਰੁਕੀਆਂ। ਆਗੂਆਂ ਨੇ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਅੱਜ ਸਰਕਾਰ ਵੱਲੋਂ ਲਿਆਂਦੀਆਂ ਜਾ ਰਹੀਆਂ ਗ਼ਲਤ ਅਤੇ ਕਿਸਾਨ ਮਜ਼ਦੂਰ ਵਿਰੋਧੀ ਖੇਤੀ ਨੀਤੀਆਂ ਕਾਰਨ ਮਜਬੂਰੀ ਵੱਸ ਪੈ ਕੇ ਖੁਦਕੁਸ਼ੀਆਂ ਕਰ ਰਿਹਾ ਹੈ ਪਰ ਸਮੇਂ ਦੀਆਂ ਸਰਕਾਰਾਂ ਦਾ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਹੈ ਉਲਟਾ ਇਥੋਂ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਖੇਤੀ ਖੇਤਰ ਤੋਂ ਬਾਹਰ ਕੱਢਣ ਲਈ ਕਾਰਪੋਰੇਟ ਘਰਾਣਿਆਂ ਅਤੇ ਦੇਸੀ ਵਿਦੇਸ਼ੀ ਕੰਪਨੀਆਂ ਨੂੰ ਵੱਡੀਆਂ ਵੱਡੀਆਂ ਰਿਆਇਤਾਂ ਅਤੇ ਕੌਡੀਆਂ ਦੇ ਭਾਅ ਜ਼ਮੀਨਾਂ ਦਿਤੀਆਂ ਜਾ ਰਹੀਆਂ ਹਨ। ਅਖੀਰ 'ਚ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿਸਾਨ ਦੀ ਕੁਰਕੀ ਕਰਨ ਦਾ ਯਤਨ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਇਸਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੱਸਣ ਅਨੁਸਾਰ ਕਿਸਾਨ ਰਾਜਕੁਮਾਰ ਨੇ 3.5 ਲੱਖ ਰੁਪਏ ਬੁਢਲਾਡਾ ਦੇ ਫਾਇਨਾਂਸਰ ਕੋਲੋਂ ਲੲੇ ਸਨ ਜਿਸ 'ਚੋਂ ਤਿੰਨ ਲੱਖ ਰੁਪਏ ਵਾਪਸ ਕਰ ਦਿੱਤੇ ਗਏ ਸਨ ਅਤੇ ਪੰਜਾਹ ਹਜ਼ਾਰ ਰੁਪਏ ਬਾਕੀ ਸਨ ਪਰਤੂੰ ਸ਼ਹਿਰ ਦੇ ਇੱਕ ਵਿਅਕਤੀ ਵੱਲੋਂ ਰਾਜਕੁਮਾਰ ਦੇ ਪਰਿਵਾਰ ਨੂੰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਇਸੇ ਪ੍ਰੇਸ਼ਾਨੀ ਵਿੱਚ ਰਾਜਕੁਮਾਰ ਦੀ ਮੌਤ ਹੋ ਗਈ। ਆਗੂਆਂ ਅਤੇ ਪਰਿਵਾਰਕ ਮੈਂਬਰਾਂ ਨੇ ਮੰਗ ਕਰਦਿਆਂ ਕਿਹਾ ਕਿ ਤੰਗ ਪ੍ਰੇਸ਼ਾਨ ਕਰਨ ਵਾਲੇ ਉਕਤ ਵਿਅਕਤੀ ਖਿਲਾਫ਼ ਪੁਲਸ ਨੂੰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ ਤੇ ਰਘਵੀਰ ਸਿੰਘ ਘਰਾਚੋਂ, ਸੁਖਵਿੰਦਰ ਸਿੰਘ, ਚਮਕੌਰ ਸਿੰਘ ਬਲਿਆਲ, ਜਗਤਾਰ ਸਿੰਘ ਲੱਡੀ, ਜਸਵੀਰ ਸਿੰਘ ਗੱਗੜਪੁਰ, ਕਰਮ ਚੰਦ ਪੰਨਵਾਂ, ਗੁਰਦੇਵ ਸਿੰਘ, ਜੋਗਿੰਦਰ ਸਿੰਘ ਆਲੋਅਰਖ, ਗੁਰਚਰਨ ਸਿੰਘ ਭਿੰਡਰਾਂ ਸਮੇਤ ਨਾਭਾ ਬਲਾਕ ਦੇ ਆਗੂ ਹਰਮੇਲ ਸਿੰਘ ਤੁੰਗਾਂ ਵੀ ਹਾਜ਼ਰ ਸਨ।