ਭਵਾਨੀਗੜ੍ (ਗੁਰਵਿੰਦਰ ਸਿੰਘ ) ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਸ੍ਰੀ ਪ੍ਰਕਾਸ ਚੰਦ ਗਰਗ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਬਿਨਾਂ ਸ਼ਰਤ ਵਾਪਸ ਲੈਣ ਦੀ ਮੰਗ ਕੀਤੀ । ਸ੍ਰੀ ਗਰਗ ਨੇ ਆਪਣੇ ਦਫਤਰ ਵਿੱਚ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਿਸਾਨੀ ਬਰਬਾਦ ਹੋ ਜਾਵੇਗੀ, ਕਿਉਂਕਿ ਇਨ੍ਹਾਂ ਕਾਨੂੰਨਾਂ ਵਿੱਚ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਯਕੀਨੀ ਨਹੀਂ ਬਣਾਇਆ ਗਿਆ। ਬਲਕਿ ਪ੍ਰਾਈਵੇਟ ਮੰਡੀਆਂ ਰਾਹੀਂ ਕਿਸਾਨਾਂ ਦੀ ਜਿਨਸ ਦੀ ਲੁੱਟ ਖਸੁੱਟ ਕਰਨ ਦਾ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਅੰਦੋਲਨ ਲੋਕ ਲਹਿਰ ਬਣ ਗਿਆ ਹੈ ਜਿਸ ਵਿੱਚ ਪੰਜਾਬ ਦਾ ਹਰ ਵਰਗ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਖੁਦ ਦਖਲ ਦੇ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸੱਦਾ ਪੱਤਰ ਦੇ ਕੇ ਬੁਲਾਉਣ ਅਤੇ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ। ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਦਾ ਮੁਆਵਜ਼ਾ ਦੇਵੇ ਅਤੇ ਸ਼ਹੀਦ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਾ ਪ੍ਰਬੰਧ ਕਰੇ। ਇਸ ਮੌਕੇ ਇੰਦਰਜੀਤ ਸਿੰਘ ਬੰਟੀ ਅਤੇ ਇਕਬਾਲ ਸਿੰਘ, ਸੁਖਵਿੰਦਰ ਸਿੰਘ ਵੀ ਹਾਜਰ ਸਨ।