ਅਧਿਆਪਕਾਂ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ’ਚ ਕੀਤਾ ਰੋਸ਼ ਮਾਰਚ

ਭਵਾਨੀਗੜ੍ਹ (ਗੁਰਵਿੰਦਰ ਸਿੰਘ )ਅੱਜ ਅਧਿਆਪਕਾਂ ਵੱਲੋਂ ਕੇਂਦਰ ਦੀ ਮੌਜੂਦਾ ਹੈਂਕੜਬਾਜ਼ ਸਰਕਾਰ ਵੱਲੋਂ ਖੇਤੀ ਬਿੱਲਾਂ ਦੇ ਕਾਲੇ ਕਾਨੂੰਨਾਂ ਖਿਲਾਫ਼ ਦੇਸ਼ ਦਾ ਅੰਨਦਾਤਾ ਕਿਸਾਨ ਜਿੱਥੇ ਇੱਕ ਪਾਸੇ ਅੱਜ ਦਿੱਲੀ ਵਿਖੇ ਸੰਘਰਸ਼ ਕਰ ਰਿਹਾ ਹੈ। ਉੱਥੇ ਦੂਜੇ ਪਾਸੇ ਭਵਾਨੀਗੜ੍ਹ ਬਲਾਕ ਦੇ ਸਮੂਹ ਅਧਿਆਪਕਾਂ ਵੱਲੋਂ ਅੱਜ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਬਿੱਲਾਂ ਖ਼ਿਲਾਫ਼ ਸਥਾਨਕ ਸਟੇਡੀਅਮ ਤੋਂ ਲੈ ਕੇ ਪੁਰਾਣਾ ਬਜ਼ਾਰ ਬੱਸ ਅੱਡੇ ਤੱਕ ਕੇਂਦਰ ਸਰਕਾਰ ਖ਼ਿਲਾਫ਼ ਰੋਸ਼ ਮਾਰਚ ਕੀਤਾ। ਇਸ ਮੌਕੇ ਆਗੂਆਂ ਨੇ ਮੁੱਖ ਬਾਜ਼ਾਰਾਂ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕਰਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ।ਇਸ ਮੌਕੇ , ਕੰਵਲਜੀਤ ਸਿੰਘ, ਰਾਜਵੀਰ ਸਿੰਘ, ਪਵਨ ਕੁਮਾਰ, ਅਮਨ ਵਿਸ਼ਿਸ਼ਟ, ਅਵਤਾਰ ਸਿੰਘ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ ਨੇ ਕਿਹਾ ਕਿ ਖੇਤੀ ਆਰਡੀਨੈਂਸ ਸਰਕਾਰੀ ਸਿਸਟਮ ਨੂੰ ਤਬਾਹ ਕਰਕੇ ਖੇਤੀ ਸੈਕਟਰ ਵਿੱਚ ਨਿੱਜੀ ਕਾਰਪੋਰੇਟ ਘਰਾਣਿਆਂ ਅਤੇ ਵੱਡੀਆਂ ਕੰਪਨੀਆਂ ਲਈ ਰਾਹ ਖੋਲਣ ਵਾਲੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਹਿਲਾਂ ਤੋਂ ਹੀ ਮਾੜੇ ਹਾਲਾਤਾਂ ਨਾਲ ਜੂਝ ਰਹੀ ਕਿਸਾਨੀ ਪੂਰੀ ਤਰਾਂ ਤਬਾਹ ਹੋ ਜਾਏਗੀ। ਬੁਲਾਰਿਆਂ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਮਜ਼ਦੂਰ ਵਿਰੋਧੀ ਖੇਤੀ ਕਾਨੂੰਨਾਂ ਨੂੰ ਕਾਰਪੋਰੇਟ ਪੱਖੀ ਕਰਾਰ ਦਿੰਦਿਆਂ ਤਰੁੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਖੇਤੀ ਬਿੱਲਾਂ ਰਾਹੀਂ ਕਿਸਾਨੀ ਨੂੰ ਤਬਾਹੀ ਵੱਲ ਧੱਕ ਰਹੀ ਹੈ ਤਾਂ ਦੂਜੇ ਪਾਸੇ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਪੇ ਕਮਿਸ਼ਨ ਅਤੇ ਡੀ. ਏ. ਦੀਆਂ ਰਹਿੰਦੀਆਂ ਕਿਸ਼ਤਾਂ ਦੀ ਅਦਾਇਗੀ ਲਈ ਕੀਤੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਵੱਲੋਂ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਅਤੇ ਮਹਿਕਮਿਆਂ ਦੀ ਆਕਾਰ ਘਟਾਈ ਤੇ ਅਸਾਮੀਆਂ ਖ਼ਤਮ ਕਰਕੇ ਰੁਜ਼ਗਾਰ ਬੰਦ ਕੀਤਾ ਜਾ ਰਿਹਾ ਹੈ ਅਤੇ ਠੇਕਾ ਸਿਸਟਮ ਲਾਗੂ ਕਰਕੇ ਮੁਲਾਜਮਾਂ ਦਾ ਆਰਥਿਕ ਸੋਸਣ ਕੀਤਾ ਜਾ ਰਿਹਾ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਅਸੀਂ ਪਿੰਡ ਪਿੰਡ, ਗਲੀ ਗਲੀ ਅਤੇ ਘਰ ਘਰ ਲੈ ਕੇ ਜਾਣਗੇ ਅਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਲੋਕਾਂ ਨੂੰ ਜਾਣੂ ਕਰਵਾਉਣਗੇ। ਉਹ ਸਮੂਹ ਲੋਕਾਂ ਨੂੰ ਸੰਘਰਸ਼ ਦੇ ਮੈਦਾਨ ਵਿੱਚ ਦਿੱਲੀ ਵਿੱਚ ਜਾਣ ਲਈ ਲਾਮਬੰਦ ਕਰਨਗੇ। ਇਸ ਮੌਕੇ ਜਸਪਾਲ ਸਿੰਘ, ਸੁਖਵਿੰਦਰ ਸਿੰਘ, ਗੁਰਤੇਜ ਸਿੰਘ, ਅਮਰੀਕ ਸਿੰਘ, ਮੈਡਮ ਸਰਬਜੀਤ ਕੌਰ, ਰੁਪਿੰਦਰ ਕੌਰ, ਪੂਨਮ ਰਾਣੀ, ਰਣਬੀਰ ਕੌਰ, ਡਿੰਪਲ ਰਾਣੀ ਆਦਿ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।