ਭਵਾਨੀਗੜ (ਗੁਰਵਿੰਦਰ ਸਿੰਘ)ਰੋਡ ਸੰਘਰਸ਼ ਕਮੇਟੀ ਵੱਲੋਂ ਪਿਛਲੇ ਤਕਰੀਬਨ ਸਾਢੇ ਚਾਰ ਮਹੀਨਿਆਂ ਤੋਂ ਪਿੰਡ ਰੌਸ਼ਨਵਾਲਾ ਵਿਖੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾਤਾਰ ਜਾਰੀ ਹੈ। ਰੋਡ ਸੰਘਰਸ਼ ਕਮੇਟੀ ਦੇ ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਗੁਰਨੈਬ ਸਿੰਘ ਫੱਗੂਵਾਲਾ ਦੀ ਅਗਵਾਈ ਵਿੱਚ ਪਿੰਡ ਰੌਸ਼ਨਵਾਲਾ ਵਿਖੇ ਇਹ ਮੀਟਿੰਗ ਕੀਤੀ ਗਈ ਜਿਸ ਵਿਚ ਫੈਸਲਾ ਲਿਆ ਗਿਆ ਕਿ ਜਿੰਨਾ ਸਮਾਂ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਇਸ ਮੌਕੇ ਬਲਾਕ ਪ੍ਰਧਾਨ ਫੱਗੂਵਾਲਾ ਨੇ ਦੱਸਿਆ ਕਿ ਆਉਣ ਵਾਲੀ 30 ਅਪ੍ਰੈਲ ਨੂੰ ਰੋਡ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਟਰੈਕਟਰ ਮਾਰਚ ਕੱਢਿਆ ਜਾਵੇਗਾ ਜਿਸ ਵਿੱਚ ਪੂਰੇ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਟਰੈਕਟਰ ਪਹੁੰਚਣਗੇ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਪੰਜਾਬ ਵਿਚ ਕੇਂਦਰ ਦਾ ਕੋਈ ਵੀ ਪ੍ਰਾਜੈਕਟ ਨਹੀਂ ਲੱਗਣ ਦੇਵਾਂਗੇ। ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਆਗੂ ਹਰਕਿਸ਼ਨ ਸਿੰਘ ਚੇਅਰਮੈਨ, ਅਮਰੀਕ ਸਿੰਘ ਬਾਸੀਅਰਖ, ਕਾਲਾ ਸਿੰਘ ਕਪਿਆਲ, ਸੀਰਾ ਸਿੰਘ ਕਪਿਆਲ, ਹਰਜੀਤ ਸਿੰਘ ਸਰਪੰਚ ਸਮੇਤ ਧਰਨੇ ਤੇ ਬੈਠੇ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।