ਪੁਲਿਸ ਵੱਲੋ ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਕੀਤਾ ਪ੍ਰਦਰਸ਼ਨ 'ਕੀਤਾ ਨੈਸ਼ਨਲ ਹਾਈਵੇ ਜਾਮ

ਭਵਾਨੀਗੜ੍ਹ (ਗੁਰਵਿੰਦਰ ਸਿੰਘ ): ਸਥਾਨਕ ਸ਼ਹਿਰ ਨੇੜਲੇ ਪਿੰਡ ਚੰਨੋਂ ਵਿਖੇ ਬੀਤੀ ਸ਼ਾਮ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਕਿਸਾਨਾਂ ਦੀ ਹਮਾਇਤ ਉਪਰ ਕੁਝ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਖੋਲ੍ਹੇ ਜਾਣ ਤੋਂ ਬਾਅਦ ਪੁਲਸ ਨੇ ਇਨ੍ਹਾਂ ਦੁਕਾਨਾਂ ਨੂੰ ਬੰਦ ਕਰਵਾਉਣਾ ਸ਼ੁਰੂ ਕਰ ਦਿੱਤਾ ਤਾਂ ਇਸ ਦੀ ਸੂਚਨਾਂ ਮਿਲਦਿਆਂ ਹੀ ਕਿਸਾਨਾਂ ਨੇ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਪਿੰਡ ’ਚੋਂ ਲੰਘਦੀ ਨੈਸ਼ਨਲ ਹਾਈਵੇ ਦੀ ਸਰਵਿਸ ਰੋਡ ਉਪਰ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਅਤੇ ਪੁਲਸ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।ਇਸ ਮੌਕੇ ਆਪਣੇ ਸੰਬੋਧਨ ’ਚ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਲਾਕਡਾਊਨ ਨੂੰ ਤੋੜਣ ਅਤੇ ਸਰਕਾਰ ਵੱਲੋਂ ਕਥਿਤ ਤੌਰ ’ਤੇ ਕੋਰੋਨਾ ਦੀ ਆੜ ਹੇਠ ਜਬਰੀ ਬੰਦ ਕਰਵਾਈਆਂ ਦੁਕਾਨਾਂ ਅਤੇ ਹੋਰ ਕਾਰੋਬਾਰਾਂ ਨੂੰ ਖੁੱਲ੍ਹਵਾਉਣ ਲਈ ਦੁਕਾਨਦਾਰਾਂ ਦਾ ਸਾਥ ਦੇਣ ਕੀਤੇ ਫੈਸਲੇ ਤਹਿਤ ਜਦੋਂ ਕਿਸਾਨ ਜਥੇਬੰਦੀਆਂ ਨੇ ਦੁਕਾਨਦਾਰਾਂ ਦੀ ਹਮਾਇਤ ਉਪਰ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਤਾਂ ਚੰਨੋਂ ਵਿਖੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਖੋਲ੍ਹ ਲਈਆਂ ਪਰ ਪੁਲਸ ਨੇ ਇਨ੍ਹਾਂ ਦੁਕਾਨਦਾਰਾਂ ਨਾਲ ਬਦਸਲੂਕੀ ਕਰਦਿਆਂ ਜ਼ਬਰੀ ਇਨ੍ਹਾਂ ਦੁਕਾਨਾਂ ਨੂੰ ਬੰਦ ਕਰਵਾਉਣਾ ਸ਼ੁਰੂ ਕਰ ਦਿੱਤਾ।ਜਿਸ ਦੀ ਸੂਚਨਾ ਜਦੋਂ ਉਨ੍ਹਾਂ ਦੀ ਜਥੇਬੰਦੀ ਨੂੰ ਮਿਲੀ ਤਾਂ ਉਨ੍ਹਾਂ ਪੁਲਸ ਦੇ ਇਸ ਘਟੀਆ ਕਾਰਵਾਈ ਦੇ ਰੋਸ ਵੱਜੋਂ ਇੱਥੇ ਇਹ ਰੋਸ ਧਰਨਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਇਹ ਸਾਫ਼ ਫ਼ੈਸਲਾ ਹੈ ਕਿ ਜੇਕਰ ਕੋਈ ਵੀ ਦੁਕਾਨਦਾਰ ਆਪਣੀ ਦੁਕਾਨ ਖੋਲ੍ਹਣੀ ਚਾਹੁੰਦਾ ਹੈ ਤਾਂ ਉਸ ਦਾ ਪੂਰਾ ਸਾਥ ਦਿੱਤਾ ਜਾਵੇਗਾ ਅਤੇ ਅਤੇ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਉਸ ਦੁਕਾਨਦਾਰਾਂ ਨਾਲ ਕੋਈ ਵੀ ਧੱਕਾ ਕਰਦਾ ਹੈ ਤਾਂ ਮੋਰਚੇ ਵੱਲੋਂ ਇਸ ਦਾ ਤਿੱਖਾ ਵਿਰੋਧ ਕਰਦੇ ਹੋਏ ਇਸ ਵਿਰੁੱਧ ਸਖ਼ਤ ਐਕਸ਼ਨ ਲਿਆ ਜਾਵੇਗਾ। ਇਹ ਰੋਸ ਧਰਨਾ ਰਾਤ ਤੱਕ ਜਾਰੀ ਰਿਹਾ।ਇਸ ਸੰਬੰਧੀ ਜਦੋਂ ਪੁਲਸ ਚੈੱਕ ਪੋਸਟ ਕਾਲਾਝਾੜ ਦੇ ਇੰਚਾਰਜ਼ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਸ ਨੇ ਕਿਸੇ ਦੁਕਾਨਦਾਰਾਂ ਨਾਲ ਕੋਈ ਬਦਸਲੂਕੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਬਹੁਤ ਜ਼ਿਆਦਾ ਵੱਧ ਜਾਣ ਕਾਰਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਵਾਈ ਜਾਵੇਗੀ।