ਮੋਰਿੰਡਾ ( ਮਾਲਵਾ ਬਿਊਰੋ) ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਮੋਰਿੰਡਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ ਸੰਘਰਸ਼ ਨੂੰ ਅੱਗੇ ਵਧਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਪਵਿੱਤਰ ਅਵਸਰ ਤੇ ਭਾਈ ਲਾਲੋਆ ਦੇ ਵਾਰਸ ਠੇਕਾ ਕਾਮਿਆਂ ਵਲੋਂ ਮਲਕ ਭਾਗੋ ਦੀ ਵਾਰਸ ਪੰਜਾਬ ਸਰਕਾਰ ਦੇ ਵਿਰੁੱਧ ਪਿੰਡ ਖੰਟਮਾਨਪੁਰ ਦੇ ਨਜ਼ਦੀਕ ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ਼ ਪ੍ਰਦਰਸਨ ਕੀਤਾ ਗਿਆ। ਜੋਂ ਦੇਰ ਸ਼ਾਮ 5 ਵਜੇ ਤੱਕ ਜਾਮ ਜਾਰੀ ਰਿਹਾ। ਜਿਸ ਵਿਚ 108 ਐਂਬੂਲੈਂਸ ਯੂਨੀਅਨ ਤੇ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜਮ ਆਪਣੇ ਪਰਿਵਾਰਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋ ਕੇ ਸ੍ਰੀ ਗੁਰੂਦੁਆਰਾ ਸਾਹਿਬ ਮਾਨੂੰਪੁਰ ਦੇ ਕੋਲ ਪਹੁੰਚ ਕੇ ਨੱਤ ਮਸਤਕ ਹੋਏ ਅਤੇ ਇਸਦੇ ਬਾਅਦ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਜਬਰ ਜ਼ੁਲਮ ਦੇ ਖਿਲਾਫ ਸੰਘਰਸ਼ ਨੂੰ ਵੱਖ-ਵੱਖ ਵਿਭਾਗਾਂ ਦੇ ਹਰ ਕੈਟਾਗਰੀਆਂ ਤਹਿਤ ਕੰਮ ਕਰਦੇ ਸਮੂਹ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਵਾਉਣ ਦੀ ਜਿੱਤ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ,ਇਸ ਮੌਕੇ ਚੱਕਾ ਜਾਮ ਪ੍ਰਦਰਸ਼ਨ ਦੀ ਸਟੇਜ ਤੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾਂ, ਸ਼ੇਰ ਸਿੰਘ ਖੰਨਾ,ਬਲਿਹਾਰ ਸਿੰਘ ਕਟਾਰੀਆ,ਗੁਰਵਿੰਦਰ ਸਿੰਘ ਪੰਨੂ, ਮਨਪ੍ਰੀਤ ਨਿੱਜਰ, ਮਹਿੰਦਰ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਅੱਜ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਤੇ ਕਿਸਾਨੀ ਅੰਦੋਲਨ ਦੀ ਇਤਿਹਾਸਿਕ ਜਿੱਤ ਹੋਣ ਤੇ ਪਿਛਲੇ ਇਕ ਸਾਲ ਦੇ ਵੱਧ ਤੋ ਸੰਘਰਸ਼ ਦੇ ਮੈਦਾਨ ਵਿੱਚ ਸ਼ਾਮਲ ਕਿਸਾਨਾਂ ਤੇ ਸਮੂਹ ਕਿਰਤੀ ਲੋਕਾਂ ਨੂੰ ਵਧਾਈ ਦਿੱਤੀ। ਉਹਨਾਂ ਅੱਗੇ ਕਿਹਾ ਕਿ ਕਿਸਾਨੀ ਅੰਦੋਲਨ ਦੀ ਜਿੱਤ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਲਈ ਸੜਕਾਂ ਤੇ ਰੁਲ ਰਹੇ ਠੇਕਾ ਮੁਲਾਜਮਾਂ ਨੂੰ ਭਵਿੱਖ ਵਿੱਚ ਸੰਘਰਸ਼ ਨੂੰ ਜਿੱਤ ਤੱਕ ਜਾਰੀ ਰੱਖਣ ਦਾ ਹੋਂਸਲਾ ਮਿਲਿਆ ਹੈ। ਉਹਨਾਂ ਦਾਅਵਾ ਕੀਤਾ ਕਿ ਠੇਕਾ ਮੁਲਾਜਮਾਂ ਦਾ ਸੰਘਰਸ਼ ਵੀ ਯਕੀਨੀ ਜਿੱਤ ਪ੍ਰਾਪਤ ਕਰੇਗਾ ਤੇ ਕਾਂਗਰਸ ਸਰਕਾਰ ਨੂੰ ਆਪਣੀ ਰੈਗੂਲਰ ਹੋਣ ਦੀ ਮੰਗ ਪੂਰੀ ਕਰਨ ਲਈ ਮਜਬੂਰ ਕੀਤਾ ਜਾਵੇਗਾ,ਇਸ ਮੌਕੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਨੇ ਅਗਲੇ ਸੰਘਰਸ਼ ਦੇ ਪ੍ਰੋਗਰਾਮ ਦਾ ਐਲਾਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ, ਮੁੱਖ ਮੰਤਰੀ, ਮੰਤਰੀ,ਐਮ ਪੀ, ਐਮ ਐਲ ਏ ਦੇ ਭਵਿੱਖ ਵਿੱਚ, ਜਿਸ ਵੀ ਸ਼ਹਿਰ ਜਾਂ ਪਿੰਡਾਂ ਵਿੱਚ ਆਉਣ ਤੇ ਕਾਲੇ ਝੰਡਿਆਂ ਦੇ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ,ਇਸ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਜਨਤਾ ਦੀ ਕਚਹਿਰੀ ਵਿੱਚ ਪੰਜਾਬ ਸਰਕਾਰ ਨੂੰ ਸਵਾਲ ਕੀਤੇ ਜਾਣਗੇ। ਇਸਦੇ ਨਾਲ ਹੀ ਇਹ ਵੀ ਮੋਰਚੇ ਵਲੋਂ ਐਲਾਨ ਕੀਤਾ ਗਿਆ ਹੈ ਕਿ 23 ਨਵੰਬਰ ਨੂੰ ਪੰਜਾਬ ਅੰਦਰ ਤਿੰਨ ਥਾਵਾਂ ਤੇ ਨੈਸ਼ਨਲ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਸਮੂਹ ਵਿਭਾਗਾਂ ਵਿਚ ਕੰਮ ਕਰਦੇ ਹਰ ਕੈਟਾਗਰੀਆਂ ਤਹਿਤ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਵਾਨ ਨਹੀਂ ਕੀਤੀ ਗਈ ਤਾਂ 27 ਨਵੰਬਰ ਨੂੰ ਅਗਲੇ ਵਧਵਾ ਤੇ ਤਿੱਖਾ ਸੰਘਰਸ਼ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।
ਇਸ ਮੌਕੇ ਆਗੂਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗੁਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਵਲੋਂ 11 ਨਵੰਬਰ ਨੂੰ ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ ਕੰਟਰੈਕਚੂਅਲ ਕਾਨੂੰਨ 2021 ਨੂੰ ਨਕਾਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਾਰਪੋਰੇਟੀ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਬਣਾਏ ਇਸ ਕਾਨੂੰਨ ਨੂੰ ਤੁਰੰਤ ਰੱਦ ਕਰਕੇ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਪਿਛਲੇ 15-20 ਸਾਲਾਂ ਦੇ ਲੰਬੇ ਸਮੇਂ ਤੋਂ ਕੰਮ ਕਰਦੇ ਆ ਰਹੇ ਆਊਟਸੋਰਸਡ, ਇੰਨਲਿਟਸਮੈਂਟ, ਕੰਪਨੀਆਂ, ਸੋਸਾਇਟੀਆਂ, ਠੇਕੇਦਾਰਾਂ ਅਤੇ ਕੇਂਦਰੀ ਸਕੀਮਾਂ ਅਧੀਨ ਕੰਮ ਕਰਦੇ ਸਮੂਹ ਕੱਚੇ ਕਾਮਿਆਂ ਨੂੰ ਸਬੰਧਤ ਵਿਭਾਗਾਂ ਵਿਚ ਰੈਗੂਲਰ ਕਰਨ ਦਾ ਅਧਿਕਾਰ ਪ੍ਰਦਾਨ ਕਰਨ ਵਾਲਾ ਨਵਾਂ ਕਾਨੂੰਨ ਬਣਾਇਆ ਜਾਵੇ,ਜਿਸ ਨਾਲ ਸਮੂਹ ਕੱਚੇ ਕਾਮਿਆਂ ਦਾ ਭਵਿੱਖ ਬੱਚਣ ਦੇ ਨਾਲ ਨਾਲ ਘਰਾਂ ਦੇ ਚੁੱਲ੍ਹਿਆਂ ਦੀ ਅੱਗ ਬਲਦੀ ਰਹੇ।