ਵੱਡੀ ਖਬਰ: ਲੋਕ ਸਭਾ ਚ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ

ਨਵੀਂ ਦਿੱਲੀ— ਅੱਜ ਯਾਨੀ ਕਿ ਸੋਮਵਾਰ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਗਿਆ ਹੈ। ਸਵੇਰੇ ਸੰਸਦ ਸ਼ੁਰੂ ਹੁੰਦੇ ਹੀ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ। ਦੁਪਹਿਰ 12 ਵਜੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ। ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀਆਂ ਨੇ ਮੁੜ ਹੰਗਾਮਾ ਕੀਤਾ। ਸੰਸਦ ’ਚ ਖੇਤੀ ਕਾਨੂੰਨ ਵਾਪਸੀ ਬਿੱਲ ਪੇਸ਼ ਕੀਤਾ ਗਿਆ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਰੀਪੀਲ ਬਿੱਲ ਪੇਸ਼ ਕੀਤਾ। ਹੰਗਾਮੇ ਦੌਰਾਨ ਹੀ ਲੋਕ ਸਭਾ ’ਚ ਖੇਤੀ ਕਾਨੂੰਨ ਦੀ ਵਾਪਸੀ ਦਾ ਬਿੱਲ ਪਾਸ ਕਰ ਦਿੱਤਾ ਗਿਆ। ਇਸ ਦਰਮਿਆਨ ਵਿਰੋਧੀ ਧਿਰ ਵਲੋਂ ਚਰਚਾ ਦੀ ਮੰਗ ਕੀਤੀ ਗਈ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਨੂੰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।