ਭਾਜਪਾ ਨਾਲ ਕੈਪਟਨ ਅਮਰਿੰਦਰ ਦਾ ਗੱਠਜੋੜ ਤੈਅ; ਹੋ ਗਿਆ ਵੱਡਾ ਐਲਾਨ

ਚੰਡੀਗੜ੍ਹ:

ਕੇਂਦਰੀ ਮੰਤਰੀ ਤੇ ਬੀਜੇਪੀ ਪੰਜਾਬ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਹਾਲੀ ਦੇ ਸਿਸਵਾਂ ਸਥਿਤ ਕੈਪਟਨ ਦੇ ਫਾਰਮ ਹਾਊਸ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਨੇ ਕੈਪਟਨ ਨਾਲ ਲੰਚ ਕੀਤਾ ਤੇ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਉੱਪਰ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਚਰਚਾ ਹੈ ਕਿ ਇਸ ਮੀਟਿੰਗ ਵਿੱਚ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨਾਲ ਗੱਠਜੋੜ ਤੇ ਸੀਟਾਂ ਦੀ ਵੰਡ ਬਾਰੇ ਵਿਚਾਰ-ਵਟਾਂਦਰਾ ਹੋਇਆ ਹੈ। ਦੱਸ ਦਈਏ ਕਿ ਸ਼ੇਖਾਵਤ ਦੀ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਤੋਂ ਪਹਿਲਾਂ ਚੰਡੀਗੜ੍ਹ ਦੇ ਇੱਕ ਨਿੱਜੀ ਹੋਟਲ ‘ਚ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਹੋਈ, ਜਿਸ ‘ਚ ਚੋਣਾਂ ‘ਤੇ ਚਰਚਾ ਕੀਤੀ ਗਈ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗਠਜੋੜ ਕਰੇਗੀ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨੇ ਅਜੇ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਪਰ ਕੈਪਟਨ ਤੇ ਬੀਜੇਪੀ ਸੀਟਾਂ ਦੀ ਵੰਡ ਬਾਰੇ ਚਰਚਾ ਕਰ ਰਹੇ ਹਨ।



ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੋਮਵਾਰ ਨੂੰ ਇਸ ਬਾਰੇ ਹੋਈ ਮੀਟਿੰਗ ਵਿੱਚ ਅਹਿਮ ਫੈਸਲੇ ਲੈਣ ਦਾ ਅਧਿਕਾਰ ਸੁਖਦੇਵ ਸਿੰਘ ਢੀਂਡਸਾ ਨੂੰ ਸੌਂਪ ਦਿੱਤਾ ਹੈ ਪਰ ਨਾਲ ਹੀ ਸੀਨੀਅਰ ਲੀਡਰਾਂ ਨੇ ਬੀਜੇਪੀ ਨਾਲ ਗੱਠਜੋੜ ਕਰਨ ਤੋਂ ਝਿਜਕ ਵਿਖਾਈ ਹੈ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਕੋਈ ਵੱਡਾ ਵੋਟ ਬੈਂਕ ਨਹੀਂ ਪਰ ਕਈ ਟਕਸਾਲੀ ਲੀਡਰ ਪਾਰਟੀ ਵਿੱਚ ਹੋਣ ਕਰਕੇ ਸਿੱਖ ਵੋਟਾਂ ਦਾ ਕੁਝ ਹਿੱਸਾ ਉਨ੍ਹਾਂ ਨਾਲ ਆ ਸਕਦਾ ਹੈ। ਬੀਜੇਪੀ ਵੀ ਅਕਾਲੀ ਦਲ (ਸੰਯੁਕਤ) ਜ਼ਰੀਏ ਸਿੱਖ ਵੋਟ ਤੱਕ ਪਹੁੰਚ ਕਰਨ ਦੀ ਹੀ ਕੋਸ਼ਿਸ਼ ਕਰ ਰਹੀ ਹੈ।